ਵਿੱਤ ਮੰਤਰੀ ਹਰਪਾਲ ਸਿੰਘ ਸਿੰਘ ਚੀਮਾ ਨੇ ਹਰਮਨਜੀਤ ਸਿੰਘ ਬਰਾੜ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ

ਮੋਗਾ, 4 ਫਰਵਰੀ (ਜਸ਼ਨ ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ  ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਦੇ ਨਵ - ਨਿਯੁਕਤ ਚੇਅਰਮੈਨ   ਸ੍ਰ. ਹਰਮਨਜੀਤ ਸਿੰਘ ਬਰਾੜ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿਛਲੇ ਦਸਾਂ ਮਹੀਨਿਆਂ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਦਿਨ ਰਾਤ ਯਤਨਸ਼ੀਲ ਹੈ। ਸੂਬੇ ਦੀ ਆਰਥਿਕਤਾ ਨੂੰ ਮੁੜ ਤੋਂ ਲੀਹ ਉੱਤੇ ਲਿਆਉਣ ਲਈ ਸਰਕਾਰ ਗੰਭੀਰਤਾ ਨਾਲ ਸਿਰਤੋੜ ਯਤਨ ਕਰ ਰਹੀ ਹੈ।
ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੇ ਜੀ.ਐਸ.ਟੀ. ਮਾਲੀਏ ਵਿੱਚ ਪਹਿਲੀ ਵਾਰ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਤਿਆਰ ਕੀਤਾ ਬਜਟ ਭਾਵੇਂ ਪੰਜਾਬ ਦੇ ਲੋਕਾਂ ਨਾਲ ਮਤਰੇਈ ਮਾਂ ਵਾਲੇ ਰਵੱਈਏ ਵਾਲਾ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਬਜਟ ਵਿੱਚ ਸੂਬੇ ਦੇ ਹਰ ਇੱਕ ਵਰਗ ਦੇ ਲੋਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕੇਂਦਰੀ ਬਜਟ ਨੂੰ ਪੂੰਜੀਪਤੀਆਂ ਦਾ ਬਜਟ ਕਰਾਰ ਦਿੱਤਾ। ਉਨਾਂ ਕਿਹਾ ਕਿ ਬੀ.ਜੇ.ਪੀ., ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪ੍ਰਫੁੱਲਿਤ ਕੀਤੇ ਗਏ ਭਿ੍ਰਸ਼ਟਾਚਾਰ ਨੂੰ ਜੜ ਤੋਂ ਖਤਮ ਕਰਨ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ। ਰਸੂਖਦਾਰ ਲੋਕਾਂ ਵੱਲੋਂ ਸਰਕਾਰ ਦੀਆਂ ਦੱਬੀਆਂ ਜ਼ਮੀਨਾਂ ਨੂੰ ਲਗਾਤਾਰ ਸਰਕਾਰ ਛੁਡਵਾ ਰਹੀ ਹੈ।  
ਉਹਨਾਂ ਹਰਮਨਜੀਤ ਸਿੰਘ ਨੂੰ ਜ਼ਿਲਾ ਯੋਜਨਾ ਕਮੇਟੀ ਮੋਗਾ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾ ਕੇ ਵਧਾਈ ਦਿੰਦਿਆਂ ਕਿਹਾ ਕਿ ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਂਦਾ ਰਹੇਗਾ। ਭਵਿੱਖ ਵਿਚ ਵਲੰਟੀਅਰਾਂ ਨੂੰ ਮੈਰਿਟ ਦੇ ਆਧਾਰ ਉੱਤੇ ਅਹੁਦੇਦਾਰੀਆਂ ਮਿਲਣਗੀਆਂ । ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰਂ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਆਪ ਪਾਰਟੀ ਵੱਲੋਂ ਆਮ ਵਰਕਰਾਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ। ਇਹਨਾਂ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਵਰਕਰਾਂ ਦੀ ਮਿਹਨਤ ਸਦਕਾ ਹੀ ਪਾਰਟੀ ਨੂੰ ਹਰ ਚੋਣ ਵਿੱਚ ਇਤਿਹਾਸਿਕ ਜਿੱਤ ਹਾਸਿਲ ਹੋਈ ਹੈ। ਚੇਅਰਮੈਨ ਹਰਮਨਜੀਤ ਸਿੰਘ ਬਰਾੜ ਨੇ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸਿਰਕਤ ਕੀਤੀ।