ਪੰਜਾਬ ਪੱਧਰ ’ਤੇ 6 ਲੱਖ 20 ਹਜ਼ਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ : ਵਿਧਾਇਕਾ ਡਾ:ਅਮਨਦੀਪ ਕੌਰ ਅਰੋੜਾ
ਮੋਗਾ , 10 ਮਾਰਚ (ਜਸ਼ਨ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਪੱਧਰ ’ਤੇ 6 ਲੱਖ 20 ਹਜ਼ਾਰ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਸਤੇ ‘ਦਾਖਲੇ ਦੇ ਮਹਾਂ-ਅਭਿਆਨ’ ਮਿਸ਼ਨ ਨੂੰ ਸ਼ੁਰੂ ਕਰਨ ਹਿਤ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੀਆਂ ਮੀਟਿੰਗਾਂ ਕਰਕੇ ਹਰ ਹਾਲ ਵਿਚ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਦਾਖਲਿਆਂ ਨੂੰ ਸੁਨਿਸ਼ਚਿਤ ਕਰਨ ਦਾ ਅਹਿਦ ਲਿਆ ਗਿਆ ਹੈ ਅਤੇ ਇਹ ਟੀਚਾ ਸਿੱਖਿਆ ਵਿਭਾਗ ਦੇ ਯੋਧਿਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ
ਪਿਛਲੀ ਵਾਰ ਤੋਂ ਇਸ ਵਾਰ ਦਾਖਲਾ 10 ਪ੍ਰਤੀਸ਼ਤ ਵਧਾਉਣ ਦੇ ਮਿਸ਼ਨ ਪੂਰਾ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈ ਸਿ , ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸੈ ਸਿ:, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ,ਡੀ ਐੱਸ ਐੱਮ, ਬੀ ਐਨ ਓ, ਬੀ ਪੀ ਈ ਓ, ਅਸਿਸਟੈਂਟ ਕੋਆਰਡੀਨੇਟਰ, ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਕੋਆਰਡੀਨੇਟਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਸਮੂਹ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਨਿੱਜੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ, ਸਕੂਲੋਂ ਵਿਰਵੇ ਬੱਚਿਆਂ ਅਤੇ ਨਵੇਂ ਫਰੈੱਸ਼ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ ਲਈ ਮਾਪਿਆਂ, ਪੰਚਾਇਤਾਂ ਅਤੇ ਐੱਸ ਐੱਮ ਸੀ , ਸ਼ਹਿਰੀ ਪੱਧਰ ’ਤੇ ਮਿਊਸੀਪਲ ਕੌਂਸਲਰਾਂ ਅਤੇ ਆਮ ਲੋਕਾਂ ਨੂੰ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਲਈ ਵਧੀਆ ਕਲਾਸਰੂਮਜ਼, ਚੰਗਾ ਫਰਨੀਚਰ,ਆਰ ਓ ਸਿਸਟਮ, ਪ੍ਰੌਜੈਕਟਰ, ਸੀ ਸੀ ਟੀ ਵੀ ਕੈਮਰੇ ਅਤੇ ਵਧੀਆ ਬਾਥਰੂਮਜ਼ ਦੇ ਨਾਲ ਨਾਲ ਸਭ ਤੋਂ ਵੱਧ ਕੁਆਲੀਫਾਈਡ ਸਟਾਫ਼ ਮੌਜੂਦ ਹੈ। ਵਿਧਾਇਕਾ ਡਾ:ਅਮਨਦੀਪ ਕੌਰ ਅਰੋੜਾ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਅਤੇ ਉਹਨਾਂ ਦਾ ਸੁਨਹਿਰੀ ਭਵਿੱਖ ਬਣਾਉਣ ।
ਓਧਰ , ਡੀ ਐੱਸ ਐਮ ਸ. ਅਵਤਾਰ ਸਿੰਘ ਕਰੀਰ ਨੇ ਦੱਸਿਆ ਕਿ ਅੱਜ ਦੇ ਇਸ ਟੀਚੇ ਨੂੰ ਪੂਰਾ ਕਰਨ ਲਈ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਦੇ ਹਰ ਕਰਮਚਾਰੀ ਵੱਲੋਂ ਇਕ ਇਕ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇਗਾ ਤੇ ਇੰਜ ਇਕ ਦਿਨ ਵਿਚ ਇਕ ਲੱਖ ਬੱਚਾ ਦਾਖਲ ਕਰਵਾਉਣ ਦੀ ਮੁਹਿੰਮ 12 ਵਜੇ ਤੱਕ ਮੁਕੰਮਲ ਕਰ ਲਈ ਜਾਵੇਗੀ ।