ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੁਨੇਹਾ ਦੇਣ ਲਈ ਡੀ ਸੀ ਅਤੇ ਐਸ ਐਸ ਪੀ ਦੀ ਅਗਵਾਈ 'ਚ ਅਮਨ ਕਮੇਟੀ ਦੀ ਹੋਈ ਮੀਟਿੰਗ,
*ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ ਅਤੇ ਸ਼ਰਾਰਤੀ ਅਨਸਰਾਂ ਬਾਰੇ ਨੰਬਰ 112 ਉੱਤੇ ਜਾਣਕਾਰੀ ਦੇਣ ਲਈ ਕਿਹਾ
ਮੋਗਾ, 20 ਮਾਰਚ (ਜਸ਼ਨ) - ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਸ਼੍ਰੀ ਜੇ ਇਲਨਚੇਲੀਅਨ ਦੀ ਅਗਵਾਈ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਮਨ (ਪੀਸ) ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਜ ਦੇ ਸਮੂਹ ਵਰਗਾਂ ਦੇ ਨੁਮਾਇੰਦਿਆਂ ’ਤੇ ਆਧਾਰਿਤ ਅਮਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੰਦਿਆਂ, ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ਨੂੰ ਅੱਜ ਕੱਲ੍ਹ ਜਾਅਲੀ ਅਤੇ ਗੁੰਮਰਾਹਕੁੰਨ ਸੂਚਨਾਵਾਂ ਦੇ ਹੜ੍ਹ ਨਾਲ ਭਰਪੂਰ ਹੋਣ ਕਾਰਨ ਸਮਾਜ ਲਈ ਹੋਰ ਵੀ ਬੇਅਸਰ ਕਰਾਰ ਦਿੰਦਿਆਂ, ਸਮਾਜ ਦੇ ਮੋਹਤਬਰ ਮੈਂਬਰਾਂ ਨੂੰ ਜ਼ਿਲ੍ਹੇ ’ਚ ਆਮ ਵਾਂਗ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਮੀ ਅਤੇ ਤਰਕਸ਼ੀਲ ਵਿਚਾਰ ਰੱਖਣ ਵਾਲੇ ਲੋਕਾਂ ਨੂੰ ਪ੍ਰਸ਼ਾਸਨ ਦਾ ਸੁਨੇਹਾ ਜ਼ਿਲ੍ਹੇ ਭਰ ਵਿੱਚ ਪਹੁੰਚਾਉਣਾ ਚਾਹੀਦਾ ਹੈ।
ਉਹਨਾਂ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ ’ਚ ਕਾਨੂੰਨ ਦਾ ਭੈਅ, ਆਮ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਐਸ ਐਸ ਪੀ ਜੇ ਇਲਨਚੇਲੀਅਨ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲੀਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਕਾਇਮ ਰੱਖਣ ਲਈ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਵਾਲਾ ਮਾਹੌਲ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਝੂਠੀਆਂ ਖ਼ਬਰਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਪੁਲਿਸ ਫੋਰਸ ’ਤੇ ਭਰੋਸਾ ਕਰਕੇ ਪ੍ਰਸ਼ਾਸਨ ਦਾ ਸਮਰਥਨ ਕਰਨਾ ਚਾਹੀਦਾ ਹੈ। ਐਸ ਐਸ ਪੀ ਜੇ ਇਲਨਚੇਲੀਅਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਹਰ ਕੀਮਤ ’ਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਆਪਣੀ ਚੌਕਸੀ ਅਤੇ ਮੌਜੂਦਗੀ ਦਾ ਭਰੋਸਾ ਦਿਵਾਉਣ ਲਈ 24 ਘੰਟੇ ਗਸ਼ਤ ਕਰ ਰਹੇ ਹਾਂ। ਐਸ ਐਸ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੇ ਜ਼ਿਲ੍ਹੇ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਹੁਣ ਤੱਕ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਜੇਲ੍ਹ ਭੇਜਿਆ ਹੈ। ਐਸ ਐਸ ਪੀ ਜੇ ਇਲਨਚੇਲੀਅਨ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੁਸ਼ਕਿਸਮਤੀ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੋਈ ਵੀ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਨਹੀਂ ਹੋਈ। ਮੀਟਿੰਗ ਵਿੱਚ ਹਾਜ਼ਰ ਸਮਾਜ ਦੇ ਸਮੂਹ ਵਰਗਾਂ ਦੇ ਮੈਂਬਰਾਂ ਨੂੰ ਸੁਚੇਤ ਕਰਦੇ ਹੋਏ, ਉਨ੍ਹਾਂ ਨੇ ਆਲੇ ਦੁਆਲੇ ਵਿੱਚ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਸੂਚਨਾ ਦੇਣ ਲਈ ਪੰਜਾਬ ਪੁਲਿਸ ਦੇ ਸੰਪਰਕ ਨੰਬਰ 112 ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਉਕਤ ਨੰਬਰ ਡਾਇਲ ਕਰਕੇ ਜਾਂ ਕੋਈ ਵੀ ਗਲਤ ਸੰਦੇਸ਼ ਪ੍ਰਾਪਤ ਹੋਣ ’ਤੇ ਕਿਸੇ ਵੀ ਕਿਸਮ ਦੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਸਕਦਾ ਹੈ ਜਾਂ ਕਿਸੇ ਵੀ ਅਫ਼ਵਾਹ ਬਾਰੇ ਸਪੱਸ਼ਟੀਕਰਨ ਲੈ ਸਕਦਾ ਹੈ। ਮੀਟਿੰਗ ਵਿੱਚ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਅਪੀਲ ਕੀਤੀ ਕਿ ਇਸ ਘੜ੍ਹੀ ਵਿਚ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਅਤੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਆਪਸੀ ਭਾਈਚਾਰਕ ਏਕਤਾ ਨੂੰ ਬਰਕਰਾਰ ਰੱਖਣ ਦੀ ਲੋੜ ਹੈ। ਇਸ ਮੌਕੇ ਕਮੇਟੀ ’ਚ ਸਮਾਜਿਕ, ਧਾਰਮਿਕ, ਰਾਜਨੀਤਿਕ ਨੁਮਾਇੰਦਿਆਂ ਨੇ ਸੂਬੇ ਦੀ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਵਿੱਚ ਪ੍ਰਸ਼ਾਸਨ ਨੂੰ ਆਪਣੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਜਯੋਤੀ ਬਾਲਾ ਮੱਟੂ, ਏ ਡੀ ਸੀ (ਜੀ) ਸ਼੍ਰੀ ਸੁਭਾਸ਼ ਚੰਦਰ, ਐਸ ਡੀ ਐਮਜ਼ ਸ੍ਰ ਰਾਮ ਸਿੰਘ ਅਤੇ ਸ਼੍ਰੀਮਤੀ ਚਾਰੂਮਿਤਾ ਦੇ ਨਾਮ ਸ਼ਾਮਲ ਹਨ।