ਰਿਸ਼ਵਤ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ੍ਹ, 17 ਮਈ:(ਜਸ਼ਨ ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਸਿੰਘ, ਵਾਸੀ ਪਿੰਡ ਭੱਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ  ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐਸ.ਆਈ ਬਲਦੇਵ ਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 9000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੇਣ ਸਬੰਧੀ ਏਐਸਆਈ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।