ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ
ਮੋਗਾ, 22 ਮਈ (ਜਸ਼ਨ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਵਿਖੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਦੀ ਅਗਵਾਈ ਵਿਚ ਪੰਚਮ ਪਾਤਸ਼ਾਹ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਜਿਸ ਤਹਿਤ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਆਯੋਜਿਤ ਕਰਵਾਈ ਗਈ। ਪ੍ਰਾਰਥਨਾ ਸਭਾ ਦਾ ਅਰੰਭ ਮੂਲ ਮੰਤਰ ਦੇ ਸਿਮਰਨ ਨਾਲ ਕੀਤਾ ਗਿਆ।
ਇਸ ਤੋਂ ਬਾਅਦ ਪੰਜਾਬੀ ਵਿਭਾਗ ਦੇ ਮੁਖੀ ਅਧਿਆਪਕਾ ਸਰਬਜੀਤ ਕੌਰ ਨੇ ਗੁਰੂ ਸਾਹਿਬ ਦੇ ਮੁੱਢਲੇ ਜੀਵਨ ਪ੍ਰਾਪਤੀਆਂ ਅਤੇ ਸ਼ਹੀਦੀ ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕਿਵੇਂ ਤੱਤੀ ਤਵੀ ਤੇ ਬੈਠ ਕੇ ਤੱਤੀ ਰੇਤ ਪਵਾ ਕੇ ਵੀ ਗੁਰੂ ਸਾਹਿਬ ਨੇ ਪ੍ਰਮਾਤਮਾ ਦੇ ਭਾਣੇ ਨੂੰ ਮਿੱਠਾ ਮੰਨ ਕੇ ਮੰਨਿਆ। ਇੰਨੇ ਤਸੀਹੇ ਸਹਿ ਕੇ ਵੀ ਉਨ੍ਹਾਂ ਦਾ ਚਿੱਤ ਅਡੋਲ ਤੇ ਹਿਰਦਾ ਠੰਢਾ ਰਿਹਾ। ਮਨੁੱਖ ਨੂੰ ਵੀ ਜਿੰਦਗੀ ਵਿੱਚ ਆਏ ਦੁੱਖ ਸੁੱਖ ਦਾ ਪਰਮਾਤਮਾ ਦੀ ਰਜ਼ਾ ਵਿੱਚ ਰਹਿ ਕੇ ਸਾਹਮਣਾ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਗੁਰੂ ਸਾਹਿਬ ਨੂੰ ਸ਼ਹੀਦਾਂ ਦੇ ਸਰਤਾਜ ਕਿਉਂ ਕਿਹਾ ਜਾਂਦਾ ਹੈ ਕਿਉਂਕਿ ਉਹ ਪਹਿਲੀ ਸ਼ਖ਼ਸੀਅਤ ਸਨ ਜਿਨ੍ਹਾਂ ਦੀ ਸ਼ਹੀਦੀ ਤੋਂ ਪਹਿਲਾਂ ਉਨ੍ਹਾਂ ਦੀ ਜਾਨ ਬਖਸ਼ਣ ਲਈ ਕਿਹਾ ਗਿਆ ਸੀ ਪਰ ਗੁਰੂ ਸਾਹਿਬ ਨੇ ਇਹ ਗੱਲ ਪਰਵਾਹ ਨਾ ਕੀਤੀ ਅਤੇ ਅੰਤ ਅਨੇਕਾਂ ਤਸੀਹੇ ਸਹਾਰ ਕੇ 1606 ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਸਾਨੂੰ ਇਹ ਦਿਵਸ ਇਹ ਦ੍ਰਿੜ੍ਹ ਕਰਵਾਉਂਦਾ ਹੈ ਕਿ ਸਾਨੂੰ ਕਦੇ ਵੀ ਗੁਰੂ ਸਾਹਿਬਾਨ ਦੀਆਂ ਸ਼ਹੀਦੀਆਂ ਨੂੰ ਭੁੱਲਣਾ ਨਹੀਂ ਚਾਹੀਦਾ ਅਤੇ ਗੁਰੂਆਂ ਦੇ ਦੱਸੇ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ।