ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ 'ਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ
* ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ 'ਪਰਿਵਰਤਨ ਕੇਂਦਰ'
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ, ਜਿਨ੍ਹਾਂ ਨੇ ਸਿਰਫ਼ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਇਹ ਵੀ ਯਾਦ ਕੀਤਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ ਅਤੇ ਦੇਸ਼ ਤੇ ਸੂਬੇ ਦੀ ਸਰਵਪੱਖੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਥਾਨਕ ਲੋਕਾਂ ਵੱਲੋਂ ਉਠਾਏ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਯਾਦ 'ਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵੀ ਕਰਵਾਈ ਗਈ, ਜਿਸ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਦੇ ਸੈਂਕੜੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੁਖੀ ਸ਼ਰਨਪਾਲ ਸਿੰਘ ਮੱਕੜ, ਆਪ ਆਗੂ ਡਾ. ਕੇ.ਐਨ.ਐਸ. ਕੰਗ, ਅਹਿਬਾਬ ਗਰੇਵਾਲ, ਹਰਭੁਪਿੰਦਰ ਸਿੰਘ ਧਾਰੌਰ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਅਤੇ ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ ਹਾਜ਼ਰ ਸਨ।