ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਪੱਧਰੀ ‘ ਨੋ ਤੰਬਾਕੂ ਡੇ’ ਅਤੇ ‘ਐਂਟੀ ਡਰੱਗ ਡੇ’ ਮਨਾਇਆ
ਮੋਗਾ, 31 ਮਈ (ਜਸ਼ਨ): ਮੋਗਾ ਜ਼ਿਲੇ ਦੀ ਉੱਘੀ ਵਿੱਦਿਅਕ ਸੰਸਥਾ ਵਿਖੇ ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਕੋਆਰਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਹੋਰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ਵ ਪੱਧਰੀ ਨੋ ਤੰਬਾਕੂ ਡੇ ਮਨਾਇਆ ਗਿਆ ਜਿਸ ਦੇ ਤਹਿਤ ਸਕੂਲ ਵਿੱਚ ਵਿਸ਼ੇਸ਼ ਪ੍ਰਰਾਥਨਾ ਸਭਾ ਆਯੋਜਿਤ ਕੀਤੀ ਗਈ। ਪੰਜਾਬੀ ਵਿਭਾਗ ਦੇ ਮੁਖੀ ਸਰਬਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ 31 ਮਈ ਨੂੰ ਹਰ ਸਾਲ ਇਹ ਦਿਨ ਮਨਾਇਆ ਜਾਂਦਾ ਹੈ ਤਾਂ ਜੋ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਸਕੇ। ਉਹਨਾਂ ਨੇ ਤੰਬਾਕੂ ਅਤੇ ਹੋਰ ਨਸ਼ਿਆਂ ਦੇ ਜੀਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਦੱਸਿਆ। ਤੰਬਾਕੂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲੇ ਵੀ ਆਯੋਜਿਤ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਵਿੱਚ ਤੰਬਾਕੂ ਅਤੇ ਹੋਰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਵਿੱਚ ਇਹ ਵੀ ਦਰਸਾਇਆ ਕਿ ਤੰਬਾਕੂ ਸਿਰਫ ਤੰਬਾਕੂ ਦਾ ਸੇਵਨ ਕਰਨ ਵਾਲੇ ਦਾ ਹੀ ਨੁਕਸਾਨ ਨਹੀਂ ਕਰਦਾ ਬਲਕੇ ਇਸ ਦਾ ਪ੍ਰਭਾਵ ਆਲੇ ਦੁਆਲੇ ਦੇ ਲੋਕਾਂ ਤੇ ਵੀ ਪੈਂਦਾ ਹੈ। ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।