ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
ਚੰਡੀਗੜ੍ਹ, 4 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਲੋਕਾਂ ਦੀ ਸਹੂਲਤ ਲਈ ਅੱਜ ਮਿਉਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿੱਖੇ ਇੱਕ ਵੱਟਸਅੱਪ ਨੰਬਰ 7889149943 ਜਾਰੀ ਕੀਤਾ ਹੈ। ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਆਬਾਦੀ ਦੇ ਵਾਧੇ ਨਾਲ, ਅਣ-ਅਧਿਕਾਰਤ ਕਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਦਾ ਖਤਰਾ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਮੁੱਦੇ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ, ਮੰਤਰੀ ਬਲਕਾਰ ਸਿੰਘ ਨੇ ਨਾਗਰਿਕਾਂ ਨੂੰ ਅਜਿਹੀਆਂ ਉਲੰਘਣਾਵਾਂ ਦੀ ਸ਼ਿਕਾਇਤ ਕਰਨ ਲਈ ਇੱਕ ਪਹੁੰਚਯੋਗ ਅਤੇ ਸੁਵਿਧਾਜਨਕ ਪਲੇਟਫਾਰਮ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਵੱਟਸਐਪ ਨੰਬਰ, 7889149943 ਹੁਣ ਕਾਰਜਸ਼ੀਲ ਹੈ, ਜਿਸ ਨਾਲ ਨਿਵਾਸੀ ਅਣ-ਅਧਿਕਾਰਤ ਉਸਾਰੀਆਂ ਅਤੇ ਕਲੋਨੀਆਂ ਬਾਰੇ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸਬੰਧਤ ਕਾਨੂੰਨਾਂ ਅਤੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਦੁਆਰਾ ਸਾਰੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਬਲਕਾਰ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਕਿਉਂਕਿ ਇਹ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ, ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ, ਮੁੱਖ ਚੌਕਸੀ ਅਫ਼ਸਰ ਸ਼੍ਰੀ ਰਾਜੀਵ ਸਖੇੜੀ, ਮੁੱਖ ਇੰਜੀਨੀਅਰ ਸ੍ਰੀ ਅਸ਼ਵਨੀ ਚੋਧਰੀ, ਸ੍ਰੀ ਮੁਕੇਸ਼ ਗਰਗ ਅਤੇ ਸੀਨੀਅਰ ਟਾਊਨ ਪਲੈਨਰ ਸ੍ਰੀ ਗੋਤਮ ਕੁਮਾਰ ਹਾਜ਼ਰ ਸਨ।
-------------