5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ
ਚੰਡੀਗੜ੍ਹ, 13 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।