ਲੋਕ ਸਭਾ ਮੈਂਬਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜਣ ਦੀ ਹਦਾਇਤ

ਮੋਗਾ ਵਿਖੇ ਦਿਸ਼ਾ ਕਮੇਟੀ ਅਤੇ ਐਮ ਪੀ ਲੈਡ ਸਕੀਮ ਦਾ ਰਿਵਿਊ ਕਰਨ ਲਈ ਮੀਟਿੰਗ ਵਿੱਚ ਸ਼ਿਰਕਤ

ਮੋਗਾ, 17 ਅਗਸਤ  (ਜਸ਼ਨ): - ਅੱਜ ਡਿਸਟ੍ਰਿਕਟ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ (ਦਿਸ਼ਾ) ਅਤੇ ਐਮ ਪੀ ਲੈਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਐਮ.ਪੀ. ਹਲਕਾ ਫਰੀਦਕੋਟ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੋਗਾ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਨਿਧੀ ਕੁਮੁਦ ਬਾਂਬਾ, ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਪੂਨਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।ਐਮ.ਪੀ. ਮੁਹੰਮਦ ਸਦੀਕ ਵੱਲੋਂ ਇਸ ਮੀਟਿੰਗ ਵਿੱਚ ਵੱਖ-ਵੱਖ ਸੈਂਟਰਲ ਸਪਾਂਸਰ ਸਕੀਮਾਂ ਜਿਵੇਂ ਕਿ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਏਮੈਂਟ ਗਰੰਟੀ ਯੋਜਨਾ (ਮਗਨਰੇਗਾ), ਦੀਨ ਦਿਆਲ ਅੰਨਤੋਦਿਆ ਯੋਜਨਾ, ਦੀਨ ਦਿਆਲ ਉਪਾਧਿਆ ਯੋਜਨ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ-ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਆਦਿ ਦਾ ਰੀਵਿਊ ਕੀਤਾ ਗਿਆ। ਮੀਟਿੰਗ ਦੌਰਾਨ ਐਮ.ਪੀ. ਮੁਹੰਮਦ ਸਦੀਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹਨਾਂ ਵੱਲੋਂ ਲੋਕ ਸਭਾ ਮੈਂਬਰ ਵਜੋਂ ਜੋ ਵੀ ਫੰਡ ਜਾਰੀ ਕੀਤੇ ਗਏ ਹਨ, ਉਹਨਾਂ ਨੂੰ ਤੁਰੰਤ ਖਰਚ ਕੀਤਾ ਜਾਵੇ ਅਤੇ ਉਹਨਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਉਹਨਾਂ ਕਿਹਾ ਕਿ ਜੋ ਵਿਕਾਸ ਮੁਕੰਮਲ ਹੋ ਚੁੱਕੇ ਹਨ ਉਹਨਾਂ ਦੇ ਤੁਰੰਤ ਉਦਘਾਟਨ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਇਹਨਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਸਕੇ। 
ਉਹਨਾਂ ਕਿਹਾ ਕਿ ਵੱਖ-ਵੱਖ ਸਕੀਮਾਂ ਤਹਿਤ ਹੋਣ ਵਾਲੇ ਭਲਾਈ ਕਾਰਜਾਂ ਨੂੰ ਕਾਗਜਾਂ ਤੱਕ ਹੀ ਸੀਮਤ ਨਾ ਰੱਖਿਆ ਜਾਵੇ। ਇਹ ਸਕੀਮਾਂ ਸਰਕਾਰ ਨੇ ਗਰੀਬ ਅਤੇ ਲੋੜਵੰਦ ਵਿਅਕਤੀਆਂ/ਪਰਿਵਾਰਾਂ ਦੀ ਭਲਾਈ ਲਈ ਬਣਾਈਆਂ ਹਨ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪੁੱਜਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਗਲੀਆਂ-ਨਾਲੀਆਂ ਤੱਕ ਹੀ ਨਾ ਸੀਮਤ ਰੱਖੇ ਜਾਣ, ਇਸ ਤੋਂ ਉੱਪਰ ਉੱਠ ਕੇ ਵੀ ਸਰਕਾਰੀ ਸਕੀਮਾਂ ਵਿੱਚ ਵੱਡੇ-ਵੱਡੇ ਵਿਕਾਸ ਹੋ ਸਕਦੇ ਹਨ ਜਿੰਨ੍ਹਾਂ ਨੂੰ ਸਾਨੂੰ ਰਲ ਕੇ ਕਰਨਾ ਬਣਦਾ ਹੈ। ਉਨ੍ਹਾਂ ਵਿਭਾਗਾਂ ਨੂੰ ਐਮ.ਪੀ. ਲੈਡ ਤਹਿਤ ਰੁਕੇ ਹੋਏ ਕੰਮਾਂ ਨੂੰ ਤੇਜ਼ ਰਫ਼ਤਾਰ ਨਾਲ ਸ਼ੁਰੂ ਕਰਕੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ।ਉਹਨਾਂ ਨੇ ਮਿਡ ਡੇਅ ਮੀਲ ਕੁੱਕ ਵਰਕਰਾਂ ਦੀ ਤਨਖ਼ਾਹ, ਵੱਖ ਵੱਖ ਪੈਨਸ਼ਨਾਂ ਅਤੇ ਵਿਦਿਅਰਥੀਆਂ ਦੀ ਵਰਦੀ ਰਾਸ਼ੀ ਵਿੱਚ ਵਾਧੇ ਦਾ ਮੁੱਦਾ ਲੋਕ ਸਭਾ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਨੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸਾਇੰਸ ਲੈਬ ਬਣਾਉਣ ਲਈ ਫੰਡ ਜਾਰੀ ਕਰਨ ਦੀ ਵੀ ਹਾਮੀ ਭਰੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਗਨਰੇਗਾ ਸਕੀਮ ਤਹਿਤ ਲੋੜਵੰਦ ਕਾਮਿਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਬਹੁਤ ਹੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਗਨਰੇਗਾ ਸਕੀਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦੀ ਸਖਤ ਲੋੜ ਹੈ ਕਿਉਂਕਿ ਅਕੁਸ਼ਲ ਕਾਮਿਆਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੁੰਦੀ ਹੈ ਅਤੇ ਇਨ੍ਹਾਂ ਕਾਮਿਆਂ ਨੂੰ ਰੋਜ਼ਗਾਰ ਦੀ ਸਖ਼ਤ ਜਰੂਰਤ ਵੀ ਹੁੰਦੀ ਹੈ। ਕੁਝ ਅਧਿਕਾਰੀਆਂ ਦੀ ਗੈਰਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਸੱਦੇ ਹੋਏ ਸਾਰੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਹੋਣਾ ਯਕੀਨੀ ਬਣਾਉਣਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ। ਉਹਨਾਂ ਵੀ ਵੱਖ ਵੱਖ ਵਿਭਾਗਾਂ ਨੂੰ ਇਨ੍ਹਾਂ ਸਕੀਮਾਂ ਤਹਿਤ ਪੈਡਿੰਗ ਪਏ ਵਿਕਾਸ ਕਾਰਜਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪੂਰਾ ਕਰਕੇ ਰਿਪੋਰਟ ਦਫ਼ਤਰ ਨੂੰ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ।