ਬਲਜੀਤ ਸਿੰਘ ਚਾਨੀ ਬਣੇ ਨਗਰ ਨਿਗਮ ਮੋਗਾ ਦੇ ਮੇਅਰ, ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਦੀ ਹਾਜ਼ਰੀ ‘ਚ ਹੋਈ ਸਰਬਸੰਮਤੀ ਨਾਲ ਚੋਣ
ਮੋਗਾ, 21 ਅਗਸਤ (ਜਸ਼ਨ) - ਅੱਜ ਨਗਰ ਨਿਗਮ ਮੋਗਾ ਦੇ ਮੇਅਰ ਲਈ ਹੋਈ ਚੋਣ ਵਿੱਚ ਵਾਰਡ ਨੰਬਰ 8 ਦੇ ਕੌਂਸਲਰ ਬਲਜੀਤ ਸਿੰਘ ਚਾਨੀ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ। ਇਸ ਚੋਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹਾਊਸ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸ੍ਰ ਦਲਜੀਤ ਸਿੰਘ ਮਾਂਗਟ ਡਵੀਜਨਲ ਕਮਿਸ਼ਨਰ ਫਿਰੋਜ਼ਪੁਰ ਚੋਣ ਨਿਗਰਾਨ ਵਜੋਂ ਹਾਜ਼ਰ ਹੋਏ। ਚੋਣ ਮੌਕੇ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਪੂਨਮ ਸਿੰਘ ਅਤੇ 42 ਕੌਂਸਲਰ ਵੀ ਹਾਜ਼ਰ ਸਨ।
ਮੇਅਰ ਦੇ ਅਹੁਦੇ ਲਈ ਸ੍ਰ ਬਲਜੀਤ ਸਿੰਘ ਚਾਨੀ ਦਾ ਨਾਮ ਕੌਂਸਲਰ ਸ਼੍ਰੀ ਪਰਵੀਨ ਸ਼ਰਮਾ (ਵਾਰਡ ਨੰਬਰ 36) ਨੇ ਪੇਸ਼ ਕੀਤਾ, ਜਿਸ ਨੂੰ ਹਾਊਸ ਦੇ ਕੌਂਸਲਰ ਸ਼੍ਰੀ ਤੀਰਥ ਰਾਮ (ਵਾਰਡ ਨੰਬਰ 40) ਨੇ ਸਹਿਮਤੀ ਦਿੱਤੀ।
ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਸ਼ੁਰੂ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ੍ਰ ਮਾਂਗਟ ਨੇ ਸਾਰੇ ਕੌਂਸਲਰਾਂ ਨੂੰ ਚੋਣ ਸੰਬੰਧੀ ਸਾਰੇ ਕਾਨੂੰਨੀ ਅਤੇ ਸੰਵਿਧਾਨ ਪੱਖਾਂ ਬਾਰੇ ਜਾਣਕਾਰੀ ਦਿੱਤੀ। ਹਾਊਸ ਦੀ ਕਾਰਵਾਈ ਚਲਾਉਣ ਲਈ ਸਾਰੇ ਕੌਂਸਲਰਾਂ ਨੇ ਪਹਿਲਾਂ ਕੌਂਸਲਰ ਅਸ਼ੋਕ ਧਮੀਜਾ (ਵਾਰਡ ਨੰਬਰ 12) ਨੂੰ ਸਰਬਸੰਮਤੀ ਨਾਲ ਸਭਾਪਤੀ ਚੁਣਿਆ।
ਇਸ ਮੌਕੇ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਨਵੇਂ ਚੁਣੇ ਮੇਅਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੇ ਕਿਸੇ ਵੀ ਵਰਗ ਅਤੇ ਹਿੱਸੇ ਦੇ ਵਿਕਾਸ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਮੇਅਰ ਚੁਣੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਬਲਜੀਤ ਸਿੰਘ ਚਾਨੀ ਨੇ ਭਰੋਸਾ ਦਿੱਤਾ ਕਿ ਸ਼ਹਿਰ ਮੋਗਾ ਦੇ ਵਿਕਾਸ ਕਾਰਜਾਂ ਨੂੰ ਹੁਣ ਜੰਗੀ ਪੱਧਰ ਉੱਤੇ ਸ਼ੁਰੂ ਕੀਤਾ ਜਾਵੇਗਾ ਅਤੇ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇਗਾ। ਉਹਨਾਂ ਕਿਹਾ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕਰਨਗੇ। ਉਹਨਾਂ ਦੀ ਪ੍ਰਾਥਮਿਕਤਾ ਬਾਰੇ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ, ਇਸ ਦੌਰਾਨ ਜੋ ਮੁੱਦੇ ਪ੍ਰਮੁੱਖ ਹੋਣਗੇ, ਓਹੀ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ।
ਉਹਨਾਂ ਵਚਨਬੱਧਤਾ ਪ੍ਰਗਟਾਈ ਕਿ ਉਹ ਸ਼ਹਿਰਵਾਸੀਆਂ ਦੀਆਂ ਉਮੀਦਾਂ ‘ਤੇ ਖ਼ਰੇ ਉੱਤਰਨਗੇ। ਉਹਨਾਂ ਅੱਗੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ। ਅੱਜ ਦੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ ਹੈ।