ਸੀ.ਬੀ.ਸੀ. ਵੱਲੋਂ ਕਰਵਾਇਆ ਗਿਆ ਅਗਨੀਪਥ ਯੋਜਨਾ ਬਾਰੇ ਜਾਗਰੂਕਤਾ ਪ੍ਰੋਗਰਾਮ,ਫੌਜੀ ਅਫਸਰ ਨੇ ਨੌਜਵਾਨਾਂ ਨੂੰ ਅਗਨੀਵੀਰ ਅਤੇ ਅਫਸਰ ਵੱਜੋਂ ਫੌਜ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ

ਮੋਗਾ, 23 ਅਗਸਤ (ਜਸ਼ਨ) - ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ) ਵੱਲੋਂ ਅੱਜ ਇੱਥੇ ਕੈਂਬਰਿਜ ਸਕੂਲ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਮੰਤਵ ਨੌਜਵਾਨ ਪੀੜ੍ਹੀ ਨੂੰ ਅਗਨੀਪਥ ਸਕੀਮ ਬਾਰੇ ਜਾਗਰੂਕ ਕਰਨਾ ਸੀ। ਇਹ ਪ੍ਰੋਗਰਾਮ ਭਾਰਤੀ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਤਾਲਮੇਲ ਨਾਲ ਕਰਵਾਇਆ ਗਿਆ। ਇਸ ਸਕੀਮ ਬਾਰੇ ਜਾਣਕਾਰੀ ਲੈਣ ਲਈ ਸਕੂਲਾਂ, ਕਾਲਜਾਂ, ਆਈ.ਟੀ.ਆਈਜ਼ ਅਤੇ ਪੌਲੀਟੈਕਨਿਕਾਂ ਨਾਲ ਸਬੰਧਤ ਸੈਂਕੜੇ ਵਿਦਿਆਰਥੀ ਆਨਲਾਈਨ ਮਾਧਿਅਮ ਰਾਹੀਂ ਸ਼ਾਮਲ ਹੋਏ ਅਤੇ ਇਹ ਜਾਣਨ ਦਾ ਯਤਨ ਕੀਤਾ ਕਿ ਕਿਸ ਤਰ੍ਹਾਂ ਨਾਲ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ, ਤਿੰਨੋਂ ਵਿੰਗਾਂ ਵਿੱਚ ਅਗਨੀਵੀਰ ਦੇ ਤੌਰ ਉੱਤੇ ਕੌਣ ਅਤੇ ਕਿਵੇਂ ਭਾਰਤੀ ਸੈਨਾ ਵਿੱਚ ਸ਼ਾਮਲ ਹੋ ਸਕਦਾ ਹੈ। ਵਿਦਿਅਕ ਸੰਸਥਾਵਾਂ ਨੂੰ ਕੌਮੀ ਸੂਚਨਾ ਵਿਗਿਆਨ ਕੇਂਦਰ, ਮੋਗਾ ਦੇ ਸਹਿਯੋਗ ਨਾਲ ਇਕ ਪਲੇਟਫਾਰਮ ਉੱਤੇ ਲਿਆਂਦਾ ਗਿਆ ਸੀ।
ਏ.ਡੀ.ਸੀ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਇਸ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਵਿਸ਼ੇਸ਼ ਪਹਿਲ ਕੀਤੀ। ਭਾਰਤੀ ਫੌਜ ਦੇ ਕੈਪਟਨ ਕੇਵਿਨ ਮੈਥਿਊ ਅਤੇ ਕੈਪਟਨ ਸੁਸ਼ੋਭਨ ਤਿਆਗੀ ਨੇ ਹਾਜ਼ਰ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ  ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਗਨੀਪਥ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਾਲ ਹੀ ਐਨ.ਡੀ.ਏ., ਟੀ.ਈ.ਐਸ., ਆਈ.ਐਮ.ਏ ਅਤੇ ਓ.ਟੀ.ਏ. ਰਾਹੀਂ ਅਫਸਰ ਗ੍ਰੇਡ ਵਿੱਚ ਦਾਖਲਾ ਲੈਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਖ਼ਦਸ਼ਿਆਂ ਨੂੰ ਦੂਰ ਕੀਤਾ ਅਤੇ ਉਨ੍ਹਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ।
ਸੀਬੀਸੀ ਫੀਲਡ ਪਬਲੀਸਿਟੀ ਅਫਸਰ ਰਾਜੇਸ਼ ਬਾਲੀ ਨੇ ਕਿਹਾ ਕਿ ਇੱਕ ਭਾਰਤੀ ਹੋਣ ਦੇ ਨਾਤੇ ਅਸੀਂ ਸਾਰੇ ਆਪਣੇ ਸੈਨਿਕਾਂ ਦਾ ਵਿਸ਼ੇਸ਼ ਸਨਮਾਨ ਕਰਦੇ ਹਾਂ ਜਿਸ ਕਾਰਨ ਅਸੀਂ ਸ਼ਾਂਤੀ ਨਾਲ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਇੱਕ ਅਜਿਹੀ ਸੰਸਥਾ ਹੈ ਜੋ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਦੀ ਹੈ ਅਤੇ ਉਨ੍ਹਾਂ ਨੂੰ ਦੇਸ਼ ਲਈ ਕੰਮ ਕਰਨ ਦੀ ਸਿਖਲਾਈ ਦਿੰਦੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਦਾ ‘ਪੰਚ ਪ੍ਰਣ ’ ਦੀ ਸਹੁੰ ਵੀ ਚੁਕਾਈ ਗਈ ।
ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਇਸ ਜਾਗਰੂਕਤਾ ਪ੍ਰੋਗਰਾਮ ਲਈ ਭਾਰਤੀ ਫ਼ੌਜ ਦੇ ਅਧਿਕਾਰੀਆਂ, ਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।