ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ,ਸਿੱਖਿਆ ਮੰਤਰੀ ਨੇ ਆਈ.ਆਈ.ਐਮ., ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਵਾਸਤੇ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 27 ਅਗਸਤ- (ਇੰਟਰਨੈਸ਼ਨਲ  ਪੰਜਾਬੀ  ਨਿਊਜ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇੱਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ‘ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਸ਼੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸ੍ਰੀ ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ(ਸੈਕੰਡਰੀ) ਪੰਜਾਬ ਅਤੇ ਸ੍ਰੀ ਅਮਨਪ੍ਰੀਤ ਸਿੰਘ ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਵੀ ਹਾਜ਼ਰ ਸਨ।