ਮੁੱਖ ਮੰਤਰੀ ਵੱਲੋਂ ਨਸ਼ਿਆਂ ਵਿਰੁੱਧ ਸੰਦੇਸ਼ ਦਿੰਦੇ ਗੀਤ ‘ਪੁੱਤ ਪੰਜ ਦਰਿਆਵਾਂ ਦੇ’ ਦਾ ਪੋਸਟਰ ਜਾਰੀ,ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ
ਮੋਗਾ, 5 ਸਤੰਬਰ (ਜਸ਼ਨ) -ਨਸ਼ਿਆਂ ਦੀ ਲਾਹਨਤ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਤਿਆਰ ਕੀਤਾ ਗੀਤ ‘ਪੁੱਤ ਪੰਜ ਦਰਿਆਵਾਂ ਦੇ’ ਦਾ ਪੋਸਟਰ ਜਾਰੀ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਇਸ ਗੀਤ ਨੂੰ ਰਿਲੀਜ਼ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਜ਼ਿਕਰ ਇਸ ਗੀਤ ਵਿੱਚ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਗੀਤ ਰਾਹੀਂ ਨਸ਼ਿਆਂ ਨਾਲ ਪੈਂਦੇ ਬੁਰੇ ਪ੍ਰਭਾਵ ਅਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜ਼ਿਕਰ ਕੀਤਾ ਗਿਆ ਹੈ।ਪੰਜਾਬ ਵਾਸੀਆਂ ਨੂੰ ਗੀਤ ਰਾਹੀਂ ਦਿੱਤੇ ਸੰਦੇਸ਼ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਖ਼ਤਮ ਕਰਨ ਲਈ ਸਾਹਿਤ ਤੇ ਕਲਾ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਚਿੰਤਨਸ਼ੀਲ ਮਨੁੱਖ ਹਮੇਸ਼ਾ ਸੁਚੇਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਯਕੀਨੀ ਤੌਰ ਉਤੇ ਨੌਜਵਾਨਾਂ ਨੂੰ ਉਸਾਰੂ ਸੋਚ ਅਪਨਾਉਣ ਲਈ ਪ੍ਰੇਰਿਤ ਕਰੇਗਾ। ਇਹ ਗੀਤ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਵੱਲੋਂ ਗਾਇਆ ਗਿਆ ਹੈ। ਇਸ ਦੀ ਰਚਨਾ ਉੱਘੀ ਸਾਹਿਤਕ ਸ਼ਖਸੀਅਤ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਕੀਤੀ ਹੈ। ਰਿਲੀਜ਼ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ, ਟਰਾਂਸਪੋਰਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ, ਪ੍ਰਵਾਸੀ ਮਾਮਲੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ, ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ ਬਲਕਾਰ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਡਾਕਟਰ ਬਲਜੀਤ ਕੌਰ, ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਸ੍ਰ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ), ਸ਼੍ਰੀ ਕਮਲ ਕਿਸ਼ੋਰ ਯਾਦਵ ਸਕੱਤਰ ਸਿੱਖਿਆ ਵਿਭਾਗ, ਡੀ ਆਈ ਜੀ ਸ਼੍ਰੀ ਅਜੈ ਮਲੂਜਾ, ਸ੍ਰ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ, ਸ਼੍ਰੀ ਜੇ ਇਲਨਚੇਲੀਅਨ ਅਤੇ ਹੋਰ ਹਾਜ਼ਰ ਸਨ।