ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦਾ ਗ੍ਰਾਫ ਵੱਡੇ ਪੱਧਰ ਦੇ ਫਰਕ ਨਾਲ ਸੁੱਟਿਆ ਜਾਵੇਗਾ ਥੱਲੇ -ਡਿਪਟੀ ਕਮਿਸ਼ਨਰ

ਮੋਗਾ, 11 ਸਤੰਬਰ: (ਜਸ਼ਨ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਆਪਣੇ ਅਗਾਊਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਿਛਲੇ ਸਾਲ ਵਾਂਗ ਇਸ ਸਾਲ ਵੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਦੇ ਗ੍ਰਾਫ ਨੂੰ ਵੱਡੇ ਪੱਧਰ ਨਾਲ ਥੱਲੇ ਸੁੱਟਿਆ ਜਾਵੇਗਾ। ਪੰਜਾਬ ਸਰਕਾਰ ਵੱਡੇ ਪੱਧਰ ਉੱਪਰ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਜਿੰਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਸੰਭਵ ਹੈ, ਕਿਸਾਨਾਂ ਨੂੰ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾ ਰਹੀ ਹੈ ਤਾਂ ਫਿਰ ਕਿਸਾਨਾਂ ਨੂੰ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਪਰਾਲੀ ਨੂੰ ਖੇਤ ਵਿੱਚ ਹੀ ਮਿਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰ਼ਸ਼ਾਸ਼ਨ ਦਾ ਸਾਥ ਦੇਣਾ ਚਾਹੀਦਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਇਸੇ ਸਿਲਸਿਲੇ ਵਿੱਚ ਅਗਾਉਂ ਪ੍ਰਬੰਧਾਂ ਦਾ ਰੀਵਿਊ ਕਰਨ ਲਈ ਵੱਖ-ਵੱਖ ਵਿਭਾਗਾਂ ਦੀ ਬੁਲਾਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕਮੁੰਦ ਬਾਂਬਾ, ਬਾਘਾਪੁਰਾਣਾ ਐਸ.ਡੀ.ਐਮ. ਹਰਕੰਵਲਜੀਤ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਦੱਸਿਆ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦਿੱਤਾ ਸੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।ਪਰਾਲੀ ਨੂੰ ਅੱਗ ਲੱਗਣ ਨਾਲ ਹੋਣ ਵਾਲੀਆਂ ਹਾਨੀਆਂ ਬਾਰੇ ਸਕੂਲਾਂ, ਕਾਲਜਾਂ ਵਿੱਚ ਵੱਡੀ ਗਿਣਤੀ ਵਿੱਚ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ। ਪਿੰਡ ਪੱਧਰੀ ਕੈਂਪ ਆਯੋਜਿਤ ਕਰਕੇ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਜਾਵੇਗਾ ਕਿ ਕਿਵੇਂ ਕਿਸਾਨ ਇਸ ਮਸ਼ੀਨ ਦੀ ਮੱਦਦ ਨਾਲ ਪਰਾਲੀ ਨੂੰ ਬਿਨ੍ਹਾਂ ਸਾੜੇ ਤੇ ਵਾਹੇ ਕਣਕ ਦੀ ਬਿਜਾਈ ਕਰ ਸਕਦੇ ਹਨ। ਸਰਫੇਸ ਸੀਡਰ ਕੰਬਾਈਨ ਦੁਆਰਾ ਕਟਾਈ ਕੀਤੇ ਝੋਨੇ ਦੇ ਖੇਤ ਵਿੱਚ ਬੀਜ ਅਤੇ ਖਾਦ ਨੂੰ ਇੱਕੋਂ ਸਮੇਂ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਖੜ੍ਹੇ ਝੋਨੇ ਦੇ ਨਾੜ ਨੂੰ ਕੁਤਰ ਕੇ ਖੇਤਾਂ ਵਿੱਚ ਬਰਾਬਰ ਮਿਲਾ ਦਿੰਦਾ ਹੈ। ਸਰਫੇਸ ਸੀਡਰ ਇੱਕ ਘੰਟੇ ਵਿੱਚ 15 ਏਕੜ ਕਣਕ ਦੀ ਬਿਜਾਈ ਕਰ ਸਕਦਾ ਹੈ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਵੀ ਆਮ ਕਿਸਾਨਾਂ ਵਾਂਗ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਪ੍ਰਣ ਵੀ ਲਿਆ ਗਿਆ ਕਿ ਉਹ ਆਪਣੇ ਖੇਤਾਂ ਵਿਚਲੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤ ਵਿੱਚ ਹੀ ਵਾਹੁਣਗੇ ਅਤੇ ਇਸ ਬਾਰੇ ਜਿਨ੍ਹਾਂ ਹੋ ਸਕੇ ਹੋਰਨਾਂ ਨੂੰ ਵੀ ਜਾਗਰੂਕ ਕਰਨਗੇ।
ਇੱਥੇ ਇਹ ਵੀ ਜਿਕਰਯੋਗ ਹੈ ਕਿ ਫਸਲਾਂ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ 334 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ, ਜਿੰਨਾਂ ਵਿੱਚੋਂ ਸਬ-ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿੱਚ 39, ਮੋਗਾ ਵਿੱਚ 88, ਬਾਘਾਪੁਰਾਣਾ ਵਿੱਚ 56 ਅਤੇ ਧਰਮਕੋਟ ਵਿੱਚ 151 ਨੋਡਲ ਅਫ਼ਸਰਾਂ ਨੂੰ ਲਗਾਇਆ ਗਿਆ ਹੈ। ਨੋਡਲ ਅਫ਼ਸਰਾਂ ਤੋਂ ਇਲਾਵਾ ਸਬ-ਡਿਵੀਜ਼ਨ ਵਾਈਜ਼ ਕਲੱਸਟਰ ਅਫ਼ਸਰਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਇਹ ਟੀਮਾਂ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਅੱਗ ਲਗਾਉਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨਗੀਆਂ।