ਡਿਪਟੀ ਕਮਿਸ਼ਨਰ ਨੇ ਡੇਂਗੂ ਫੈਲਣ ਤੋਂ ਰੋਕਣ ਦੇ ਉਪਰਾਲਿਆਂ ਦੀ ਰੂਪ ਰੇਖਾ ਉਲੀਕਣ ਲਈ ਕੀਤੀ ਵਿਭਾਗਾਂ ਨਾਲ ਮੀਟਿੰਗ
ਮੋਗਾ 11 ਸਤੰਬਰ: (ਜਸ਼ਨ) ਡੇਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸਦੇ ਖਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਭਿਆਨਕ ਰੋਗ ਤੋਂ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੀ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਨੁਮਾਇੰਦ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾੲੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵੱਖ ਵੱਖ ਵਿਭਾਗਾਂ ਨੂੰ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆਂ ਨੂੰ ਫੈਲਣ ਤੋਂ ਰੋਕਣ ਲਈ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਅਤੇ ਹਰ ਸ਼ੁੱਕਰਵਾਰ ਡ੍ਰਾਈ ਡੇ ਨੂੰ ਜੰਗੀ ਪੱਧਰ 'ਤੇ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਡੇਂਗੂ ਅਤੇ ਚਿਕਨਗੁਨੀਆਂ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਦੀ ਰੂਪ ਰੇਖਾ ਉਲੀਕਣ ਲਈ ਬੁਲਾਈ ਗਈ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਗਰ ਨਿਗਮ ਦੇ ਸਹਿਯੋਗ ਨਾਲ ਡੇਂਗੂ ਦੇ ਲਾਰਵੇ ਨੂੰ ਖਤਮ ਕਰਨ ਲਈ ਢੁਕਵੇਂ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕਿਸੇ ਨਿਜੀ ਵਿਅਕਤੀ, ਸੰਸਥਾ ਜਾਂ ਸਰਕਾਰੀ ਅਦਾਰੇ ਅੰਦਰ ਡੇਂਗੂ ਦਾ ਲਾਰਵਾ ਪਾਏ ਜਾਣ ਤੇ ਉਸਨੂੰ ਤੁਰੰਤ ਨਸ਼ਟ ਕਰਵਾਇਆ ਜਾਵੇ। ਟਾਇਰਾਂ, ਫਰਿੱਜਾਂ, ਕੂਲਰਾਂ, ਪੰਛੀਆਂ ਵਾਸਤੇ ਰੱਖੇ ਗਏ ਪਾਣੀ ਵਾਲੇ ਬਰਤਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਡੇਂਗੂ ਰੋਕੂ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਇਨ੍ਹਾਂ ਵਿਭਾਗਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਡੇਂਗੂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦਾ ਅਗਾਊਂ ਸ਼ਡਿਊਲ ਵੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਡੇਂਗੂ ਅਤੇ ਚਿਕਰਗੁਨੀਆਂ ਬਾਰੇ ਵਿਸਥਾਰ ਸਹਿਤ ਮਹੱਤਵਪੂਰਨ ਜਾਣਕਾਰੀ ਨੂੰ ਦਰਸਾਉਂਦਾ ਇੱਕ ਪੋਸਟਰ ਵੀ ਜਾਰੀ ਕੀਤਾ, ਜਿਹੜਾ ਕਿ ਸਿਹਤ ਵਿਭਾਗ ਵੱਲੋਂ ਢੁਕਵੀਆਂ ਥਾਵਾਂ ਤੇ ਲਗਾਇਆ ਜਾਵੇਗਾ।ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨ੍ਹਾਂ ਅੱਜ ਡੇਂਗੂ/ਚਿਕਨਗੁਨੀਆ ਨੂੰ ਫੈਲਣ ਤੋਂ ਰੋਕਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਸਹੀ ਤਰੀਕੇ ਨਾਲ ਅਮਲ ਵਿੱਚ ਲਿਆਉਣ ਅਤੇ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਪੈਦਾ ਕਰਨ ਵਾਲਾ ਲਾਰਵਾ ਬਹੁਤ ਹੀ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਏਡੀਜ਼ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਆਦਾਤਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਇਸ ਤੋਂ ਇਲਾਵਾ ਸ਼ਰੀਰ ਨੂੰ ਪੂਰੇ ਕੱਪੜੇ ਪਾ ਕੇ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋ ਘਰਾਂ 'ਚ ਚੈਕਿੰਗ ਕਰਕੇ ਡੇਗੂ ਦਾ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਜਾਗਰੂਕਤਾ ਰੈਲੀਆਂ ਰਾਹੀ ਲੋਕਾਂ ਨੂੰ ਡੇਗੂ ਅਤੇ ਚਿਕਨਗੁਨੀਆਂ ਆਦਿ ਬਿਮਾਰੀਆਂ ਤੋ ਬਚਣ ਲਈ ਸਾਵਧਾਨ ਵੀ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਨੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਡੇਂਗੂ ਅਤੇ ਚਿਕਨਗੁਨੀਆਂ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾਂ ਇਸਦੇ ਬਚਾਓ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੌਣ ਵੇਲੇ ਮੱਛਰਦਾਰੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ, ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀਆਂ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰੋ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁਲ੍ਹੇ ਵਿੱਚ ਨਾ ਰੱਖੋ, ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਣੀਆਂ ਚਾਹੀਦੀਆਂ ਹਨ।