ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨ
ਸਪਲਾਈ ਯਕੀਨੀ ਬਣਾਈ ਜਾਵੇਗੀ, ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਨਾ ਕਰਨ
ਮੋਗਾ, 2 ਜਨਵਰੀ (ਜਸ਼ਨ): -ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਉਹਨਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੋਗਾ ਵਿੱਚ ਜਰੂਰੀ ਸੇਵਾਵਾਂ ਲਈ ਤੇਲ ਅਤੇ ਗੈਸ ਦਾ ਰਿਜ਼ਰਵ ਕੋਟਾ ਰੱਖਿਆ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੂ ਆਦਿ ਵੀ ਮੌਜੂਦ ਸਨ।