ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਬਰਾੜ ’ਆਪ’ ’ਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ : ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
ਮੋਗਾ, 17 ਮਈ (ਜਸ਼ਨ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ ’ਚ ਲੋਕ ਸ਼ਾਮਿਲ ਹੋ ਰਹੇ ਹਨ। ਜਿਸ ਕਾਰਨ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਹਲਕੇ ਵਿੱਚ ਦਿਨੋ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਜਿੱਥੇ ਪੰਜਾਬ ਦੇ ਕਈ ਵੱਡੇ ਆਗੂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿਸ ਨੂੰ ’ਆਪ’ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ’ਚ ’ਆਪ’ ਪਾਰਟੀ ਦਾ ਸਿਰੋਪਾ ਪਾ ਕੇ ਪਾਰਟੀ ’ਚ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੇ ਦਰਵਾਜ਼ੇ ਹਰ ਵਰਗ ਦੇ ਚੰਗੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਪੰਜਾਬ ਨੂੰ ਮੁੜ ਪੰਜਾਬ ਰੰਗਲਾ ਪੰਜਾ ਬਣਾਉਣ ਦੇ ਮਿਸ਼ਨ ਵਿੱਚ ਪੰਜਾਬ ਨੂੰ ਪਿਆਰ ਕਰਨ ਵਾਲੇ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਕੇ ਸਾਨੂੰ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬਰਾੜ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਦਾ ਸਮੁੱਚੀ ਪਾਰਟੀ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੁਖਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਉਨ੍ਹਾਂ ਨੂੰ ਜੋ ਵੀ ਡਿਊਟੀ ਸੌਂਪੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।