ਕਿਸਾਨ ਅੰਦੋਲਨ ਦੋਰਾਨ ਮੋਗਾ ਜਿਲ੍ਹੇ ਦੇ 32 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ’ਮਾਨ ਸਰਕਾਰ’ ਵੱਲੋ ਜਲਦੀ ਦਿੱਤੇ ਜਾਣਗੇ ਨਿਯੁਕਤੀ ਪੱਤਰ-ਡਾ.ਜਸਵਿੰਦਰ ਸਿੰਘ ਬਰਾੜ

ਮੋਗਾ,22 ਜੁਲਾਈ( JASHAN )

ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਸ਼ਹੀਦ 32 ਕਿਸਾਨਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ ।

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਕਰੀ ਲੈਣ ਵਾਲੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਖੇਤੀਬਾਡ਼ੀ ਤੇ ਭਲਾਈ ਵਿਭਾਗ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਦਰਜਾ-ਡੀ ਕਰਮਚਾਰੀ ਦੀ ਨੌਕਰੀ ਦਿੱਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਿਲ੍ਹੇ ਦੇ ਮੁੱਖ ਖੇਤੀਬਾੜੀ  ਅਫ਼ਸਰ ਡਾ.ਜਸਵਿੰਦਰ ਸਿੰਘ ਬਰਾੜ  ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾਡ਼ੀ ਤੇ ਭਲਾਈ ਵਿਭਾਗ ਪੰਜਾਬ ਵੱਲੋਂ ਮੋਗਾ ਜਿਲ੍ਹੇ ਦੇ ਉਨ੍ਹਾਂ 32 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਉੱਤੇ ਗਰੁੱਪ ’ਡੀ’ਵਿਚ ਨੌਕਰੀ ਦੇਣ ਲਈ ਹੁਕਮ ਜਾਰੀ ਕੀਤੇ ਹਨ ਜਿੰਨ੍ਹਾਂ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਤਰਸ ਦੇ ਅਧਾਰ ਉੱਤੇ ਨੌਕਰੀ ਦੇਣ ਸਬੰਧੀ ਕੇਸ ਕਮੇਟੀ ਦੀਆਂ ਸਿਫ਼ਾਰਸ਼ਾਂ  ਅਨੁਸਾਰ ਘੋਖਣ ਉਪਰੰਤ ਜ਼ਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।

ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਬਲਾਕ ਕੋਟ ਈਸੇ ਖਾਂ ਅਧੀਨ ਵੱਖ ਵੱਖ 14, ਬਲਾਕ ਬਾਘਾਪੁਰਾਣਾ ਦੇ 12, ਬਲਾਕ ਨਿਹਾਲ ਸਿੰਘ ਵਾਲਾ ਤੇ ਮੋਗਾ ਦੇ 6 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਦੀ ਸਰਕਾਰ ਵੱਲੋਂ ਮੰਨਜ਼ੂਰੀ ਦਿੱਤੀ ਗਈ ਹੈ।

ਮ੍ਰਿਤਕ ਕਿਸਾਨਾਂ ਦੇ ਜਿੰਨ੍ਹਾਂ ਪਰਿਵਾਰਕ ਮੈਂਬਰਾਂ  ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਜਾ ਰਹੀ ਹੈ  ਉਨ੍ਹਾਂ ਦੀ ਪੂਰੀ ਡਿਟੇਲ ਲਈ ਪਟਵਾਰੀ ਪੱਧਰ ‘ਤੇ ਵੈਰੀਫਿਕੇਸ਼ਨ ਕਰਵਾਈ ਗਈ ਸੀ।

 ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਕਿਹਾ ਜਲਦੀ ਰਿਕਾਰਡ ਚੈੱਕ ਕਰਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਇਹਨਾਂ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀ ਦਿੱਤੀ ਜਾਵੇਗੀ।