ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਸਪੌਂਸਰਸ਼ਿਪ ਸਮਾਗਮ ਮਨਾਇਆ, ਲਾਭਪਾਤਰੀ ਬੱਚਿਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਵੰਡੀ
ਮੋਗਾ, 16 ਅਗਸਤ (ਜਸ਼ਨ) - ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਮੋਗਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਸਪੌਂਸਰਸ਼ਿਪ ਸਮਾਗਮ ਮਨਾਇਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਜ਼ਿਲ੍ਹਾ ਮੋਗਾ ਵਿੱਚ ਆਪਣੇ ਮਾਪਿਆਂ ਤੋਂ ਬਿਨਾ ਜੀਵਨ ਬਸਰ ਕਰਨ ਵਾਲੇ ਬੱਚਿਆਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਵੰਡੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਂ ਬਾਪ ਨਹੀਂ ਹਨ ਅਤੇ ਉਹ ਆਪਣੇ ਹੋਰ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ ਉਹਨਾਂ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 4000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਜ਼ਿਲ੍ਹਾ ਮੋਗਾ ਵਿੱਚ ਵੀ ਇਸ ਸਮੇਂ 72 ਬੱਚੇ ਹਰ ਮਹੀਨੇ ਇਹ ਸਹਾਇਤਾ ਪ੍ਰਾਪਤ ਕਰ ਰਹੇ ਹਨ। ਅੱਜ 30 ਬੱਚਿਆਂ ਨੂੰ ਇਹ ਰਾਸ਼ੀ ਦੀ ਵੰਡ ਕੀਤੀ ਗਈ ਹੈ। ਉਹਨਾਂ ਕਿਹਾ ਕਿ ਲੋੜਵੰਦ ਬੱਚੇ ਸਮਾਜ ਦਾ ਅਹਿਮ ਅੰਗ ਹੁੰਦੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਹਨਾਂ ਬੱਚਿਆਂ ਦੀ ਭਲਾਈ ਲਈ ਹਮੇਸ਼ਾਂ ਤਤਪਰ ਰਹਿੰਦਾ ਹੈ। ਸਮਾਗਮ ਦੌਰਾਨ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਡਾਕਟਰ ਰਾਜੇਸ਼ ਕੁਮਾਰ ਪੁਰੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਔਲਖ ਅਤੇ ਵੱਡੀ ਗਿਣਤੀ ਵਿੱਚ ਹੋਰ ਲੋਕ ਵੀ ਹਾਜ਼ਰ ਸਨ।