ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੰਡੀਆਂ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ

ਮੋਗਾ, 21 ਅਗਸਤ ( ਜਸ਼ਨ, ਸਟਰਿੰਗਰ ਦੂਰਦਰਸ਼ਨ )  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚੰਨੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ, ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਸ਼ਾਮਿਲ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਵਿਕਸਤ ਕਰਨ ਲਈ ਦ੍ਰਿੜ ਵਚਨਬੱਧ ਹੈ। ਸੂਬੇ ਭਰ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਖੇਡਣ ਲਈ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਿਆ ਕਰਨਗੇ। ਉਹਨਾਂ ਸਿਰਕਢ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਨੂੰ ਅੱਗੇ ਵਧਣ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।
ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ ਨੇ ਕਿਹਾ ਕਿ ਅੱਜ ਇਹ ਖੇਡ ਕਿੱਟਾਂ ਮੋਗਾ ਹਲਕੇ ਨੂੰ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਦੋ ਹਲਕਿਆਂ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਵੀ ਅਜਿਹੀਆਂ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ। ਹਲਕਾ ਨਿਹਾਲ ਸਿੰਘ ਵਾਲਾ ਨੂੰ ਪਹਿਲਾਂ ਹੀ ਇਹ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅੱਜ ਕੁੱਲ 51 ਖਿਡਾਰੀਆਂ ਨੂੰ ਹਾਕੀਆਂ, ਗੋਲਕੀਪਰ ਕਿੱਟਾਂ, ਪਲੇਇੰਗ ਕਿੱਟਾਂ ਅਤੇ ਹੋਰ ਸਮੱਗਰੀ ਦੀ ਵੰਡ ਕੀਤੀ।