ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ
ਮੋਗਾ, 3 ਸਤੰਬਰ (ਜਸ਼ਨ) ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਮ ਲੋਕ ਪਰੇਗਾਬਲਿਨ 300 ਐਮ.ਜੀ. ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ, ਜਿਸ ਉਪਰ ਪਾਬੰਦੀ ਲਗਾਈ ਜਾਣੀ ਜਰੂਰੀ ਸੀ। ਇਸਦੀ ਵਿਕਰੀ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਵਿੱਚ ਸਿਵਲ ਸਰਜਨ ਮੋਗਾ ਤੇ ਇਸਦਾ ਹੋਰ ਅਮਲਾ, ਡਰੱਗ ਇੰਸਪੈਕਟਰ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮਿਲ ਕੀਤੇ ਗਏ ਸਨ। ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਵਰਤੋਂ ਰੋਕਾਣ ਲਈ ਕਮੇਟੀ ਵੱਲੋਂ ਮਿਲੇ ਸੁਝਾਵਾਂ ਨੂੰ ਵਿਚਾਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਸ ਉਪਰ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਸ਼ਿਆਂ ਦੀ ਨੌਜਵਾਨਾਂ ਵਿੱਚ ਵਰਤੋਂ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸ਼ੁਰੂ ਤੋਂ ਹੀ ਯਤਨਸ਼ੀਲ ਹੈ ਇਸ ਲਈ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਡਾਕਟਰ, ਹਸਪਤਾਲ, ਕੈਮਿਸਟ ਆਦਿ ਨੂੰ ਬਖਸ਼ਿਆ ਨਹੀਂ ਜਾਵੇਗਾ।