ਵਿਧਾਇਕ ਡਾ: ਅਮਨਦੀਪ ਅਰੋੜਾ ਨੇ ਪਿੰਡ ਘੱਲਕਲਾਂ ਦੇ ਸਫ਼ੂਵਾਲਾ ਵਿਖੇ 60 ਲੱਖ ਦੀ ਲਾਗਤ ਨਾਲ ਬਣੇ ਨਹਿਰੀ ਪਾਣੀ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
*ਮਾਨ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
ਮੋਗਾ, 9 ਸਤੰਬਰ (ਜਸ਼ਨ) : ਅੱਜ ਮੋਗਾ ਹਲਕੇ ਦੇ ਪਿੰਡ ਘੱਲਕਲਾਂ ਅਤੇ ਸਫੂਵਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਹਿਰੀ ਪਾਣੀ ਪ੍ਰੋਜੈਕਟ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਕਮਲ ਦੇ ਫੁੱਲਾਂ ਨਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਦਾ ਪਿੰਡ ਪਹੁੰਚਣ 'ਤੇ ਪਾਰਟੀ ਵਲੰਟੀਅਰਾਂ ਅਤੇ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕਾ ਮੋਗਾ ਦੇ ਪਿੰਡ ਘੱਲਕਲਾਂ, ਸਫੂਵਾਲਾ ਵਿੱਚ 30 ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਵਿੱਚ ਪਹੁੰਚਿਆ ਹੈ। ਅੱਜ 60 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਹਿਰੀ ਪਾਣੀ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਨਹਿਰੀ ਪਾਣੀ ਦੀ ਪਾਈਪ ਲਾਈਨ ਦੀ ਕੁੱਲ ਲੰਬਾਈ 5 ਕਿਲੋਮੀਟਰ ਤੱਕ ਹੈ। ਜਿਸ ਕਾਰਨ ਆਸ-ਪਾਸ ਦੀ 320 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਤੋਂ ਇਲਾਵਾ ਪਾਰਟੀ ਮੈਂਬਰ, ਪਿੰਡ ਵਾਸੀ ਅਤੇ ਵਲੰਟੀਅਰ ਹਾਜ਼ਰ ਸਨ।