ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਵਾਰਡ ਨੰ: 38 ਸਰਾਫਾ ਬਜ਼ਾਰ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

* ਹਲਕਾ ਮੋਗਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ
ਮੋਗਾ, 11 ਸਤੰਬਰ (ਜਸ਼ਨ) - ਮੋਗਾ ਖੇਤਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਮੋਗਾ ਖੇਤਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਸ਼ਹਿਰ ਦੇ ਵਾਰਡ ਨੰ: 38 ਦੇ ਸਰਾਫ਼ਾ ਬਾਜ਼ਾਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਪੀਨਾ, ਵਾਰਡ ਨੰ: 38 ਦੇ ਕੌਂਸਲਰ ਸਾਹਿਲ ਅਰੋੜਾ, ਅਨਿਲ ਸ਼ਰਮਾ, ਪਿਆਰਾ ਸਿੰਘ ਬੱਧਨੀ, ਗੌਰਵ ਗਰਗ, ਪੀ.ਏ. ਸੰਨੀ ਧਾਲੀਵਾਲ, ਸੋਸ਼ਲ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਤਾਰੇਵਾਲਾ ਅਤੇ ਸਰਾਫਾ ਬਾਜ਼ਾਰ ਦੇ ਦੁਕਾਨਦਾਰ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਮੋਗਾ ਸ਼ਹਿਰ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਵਾਰਡਾਂ ਦੇ ਕੰਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਸ਼ਹਿਰ ਦੇ ਪਿੰਡਾਂ ਅਤੇ ਹਰ ਵਾਰਡ ਵਿੱਚ ਹਰ ਗਲੀ ਅਤੇ ਮੁਹੱਲੇ ਵਿੱਚ ਕੰਮ ਲਗਾਤਾਰ ਜਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਡਰੋਲੀ ਭਾਈ ਵਿੱਚ ਟਿਊਬਵੈੱਲ ਬੋਰ ਦਾ ਕੰਮ ਚੱਲ ਰਿਹਾ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪਿੰਡ ਚੜਿੱਕ 'ਚ ਸੜਕਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੂੰ ਦੇਖਦਿਆਂ ਰਾਹਗੀਰਾਂ ਨੂੰ ਸੜਕਾਂ 'ਤੇ ਆਉਣ-ਜਾਣ 'ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਿੰਡ ਦੀ ਫਿਰਨੀ 'ਚ ਗੰਦਗੀ ਦੇ ਢੇਰਾਂ ਨੂੰ ਹਟਾਇਆ ਗਿਆ ਅਤੇ ਪਿੰਡ ਸਲੀਣਾ 'ਚ ਵੀ ਪਿੰਡ ਦੀ ਸਫ਼ਾਈ ਕਰਵਾਈ ਜਾ ਰਹੀ ਹੈ | ਵੱਖ-ਵੱਖ ਥਾਵਾਂ 'ਤੇ ਸੜਕਾਂ 'ਤੇ ਪਏ ਟੋਏ ਭਰੇ ਜਾ ਰਹੇ ਹਨ ਅਤੇ ਗੰਦਗੀ ਦੇ ਢੇਰ ਹਟਾ ਦਿੱਤੇ ਗਏ ਹਨ। ਇਸੇ ਤਰ੍ਹਾਂ ਪਿੰਡ ਘੱਲਕਲਾਂ ਅਤੇ ਸਫੂਵਾਲਾ ਵਿੱਚ ਨਹਿਰੀ ਪਾਣੀ ਦੀ ਪੰਜ ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਅਤੇ ਪਿਛਲੇ 30 ਸਾਲਾਂ ਬਾਅਦ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਦੀ ਸਪਲਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਿੰਡ ਬੁੱਧ ਸਿੰਘ ਵਾਲਾ ਵਿੱਚ ਮੁੱਖ ਸੜਕ ’ਤੇ ਸਿਹਤ ਕੇਂਦਰ ਦੀ ਨਵੀਂ ਇਮਾਰਤ ਬਣਾਈ ਗਈ ਹੈ, ਤਾਂ ਜੋ ਇਸ ਸਿਹਤ ਕੇਂਦਰ ਅਤੇ ਇਸ ਨਾਲ ਜੁੜੇ ਪਿੰਡਾਂ ਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਸੁੰਦਰੀਕਰਨ ਅਤੇ ਵਿਕਾਸ ਕਰਨਾ ਹੈ। ਇਸ ਮੌਕੇ ਕੌਂਸਲਰ ਸਾਹਿਲ ਅਰੋੜਾ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਵਾਰਡ ਦੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ |