ਡੀ.ਆਈ.ਜੀ ਅਸ਼ਵਨੀ ਕਪੂਰ ਵੱਲੋਂ ਮੋਗਾ ਜ਼ਿਲ੍ਹੇ ‘ਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਸਮੂਹ ਨਾਗਰਿਕਾਂ, ਨੂੰ ਸਹਿਯੋਗ ਦੇਣ ਦੀ ਅਪੀਲ, ਕਿਹਾ, ਤੁਸੀਂ ਇਤਲਾਹ ਦਿਓ, ਕਾਰਵਾਈ ਅਸੀਂ ਕਰਾਂਗੇ- ਅਸ਼ਵਨੀ ਕਪੂਰ
ਬਾਘਾਪੁਰਾਣਾ, 11 ਸਤੰਬਰ (ਜਸ਼ਨ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ‘ਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਆਰੰਭ ਕੀਤੀ ਗਈ ਮੁਹਿੰਮ ਨੂੰ ਜ਼ਿਲ੍ਹਾ ਮੋਗਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਡੀ.ਆਈ.ਜੀ ਫ਼ਰੀਦਕੋਟ ਰੇਂਜ ਸ਼੍ਰੀ ਅਸ਼ਵਨੀ ਕਪੂਰ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ।
ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਰੱਖੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡੀ.ਆਈ.ਜੀ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜਰੂਰ ਦਿਓ ਪੁਲਿਸ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਡੀ ਆਈ ਜੀ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਨਾਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਗਠਿਤ ਕਮੇਟੀਆਂ ਵਲੋਂ ਜਦੋ ਵੀ ਕਿਸੇ ਪਿੰਡ ਜਾਂ ਮੁਹੱਲੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤਾਂ ਇਸ ਦੀ ਪੜਤਾਲ ਕਰਨ ਮਗਰੋਂ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਫਿਰ ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ ਗਰਾਂਟ ਜਾਰੀ ਕਾਰਵਾਈ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਾਨਦਾਰ ਉਪਰਾਲੇ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾਵੇਗੀ ਜਿਸ ਦੇ ਜਲਦ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਪਰਾਲੀ ਵੀ ਨਾ ਸਾੜਨ ਦੀ ਅਪੀਲ ਕੀਤੀ।
ਉਹਨਾਂ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ, ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਮੀਟਿੰਗ ਦੌਰਾਨ ਹਾਜ਼ਰ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਸਰਗਰਮ ਮਦਦ ਕਰਨ ਦਾ ਵਿਸ਼ਵਾਸ ਦਿਵਾਇਆ। ਸਮਾਗਮ ਦੌਰਾਨ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਦੀਪਕ ਅਰੋੜਾ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।