ਪੰਚਾਇਤੀ ਚੋਣਾਂ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਚਾਰੂਮਿਤਾ ਨੇ ਲਗਾਈਆਂ ਪਾਬੰਦੀਆਂ,ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ ਅਤੇ ਲਾਊਡ ਸਪੀਕਰ ਦੀ ਵਰਤੋਂ 'ਤੇ ਪਾਬੰਦੀ, ਪੋਲਿੰਗ ਬੂਥ ਦੇ 200 ਮੀਟਰ ਨੇੜੇ ਪੋਲਿੰਗ ਬੂਥ ਟੈਂਟ ਨਹੀਂ ਲੱਗਣਗੇ

ਮੋਗਾ, 13 ਅਕਤੂਬਰ,( ਜਸ਼ਨ, ਸਟਰਿੰਗਰ ਦੂਰਦਰਸ਼ਨ ) : 
ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ।
ਉਕਤ ਨੂੰ ਵਿਚਾਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ, 2024 ਨੂੰ ਜ਼ਿਲ੍ਹਾ ਮੋਗਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕੁਝ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜਦੀਕ ਸ਼ੋਰ ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਈਨਾਤ ਚੋਣ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਟੈਂਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫਸਰ ਮੋਗਾ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।