ਸ਼੍ਰੋਮਣੀ ਅਕਾਲੀ ਦਲ ਦਾ ਜਿਮਨੀ ਚੋਣ ਨਾ ਲੜਨ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਦਾ ਪਰਦਾਫਾਸ਼ ਕਰਦਾ ਹੈ: ਪਵਨ ਕੁਮਾਰ ਟੀਨੂੰ
ਚੰਡੀਗੜ੍ਹ, 24 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) :
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।
ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ। ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕ ਵੀ ਮੰਨਣ ਲੱਗ ਪਏ ਹਨ ਕਿ ਅਕਾਲੀ ਦਲ ਅਤੇ ਇਸ ਦੀ ਉੱਚ ਲੀਡਰਸ਼ਿਪ ਭਾਜਪਾ ਤੋਂ ਡਰਦੀ ਹੈ। ਟੀਨੂੰ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿਚ ਭਾਜਪਾ ਅਤੇ ਕਾਂਗਰਸ ਦੋਵਾਂ ਨੂੰ ਨਕਾਰ ਦੇਣਗੇ ਕਿਉਂਕਿ ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਇਤਿਹਾਸਕ ਤੌਰ 'ਤੇ ਅਣਗੌਲਿਆ ਕੀਤਾ ਹੈ।
ਟੀਨੂੰ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਚੋਣ ਪੰਜਾਬ ਲਈ ਸੈਮੀਫਾਈਨਲ ਹੈ। ਆਮ ਆਦਮੀ ਪਾਰਟੀ ਨੇ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸਮੇਤ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਜਨਤਾ ਜ਼ਰੂਰ ਸਾਡਾ ਸਾਥ ਦੇਵੇਗੀ। ਉਨ੍ਹਾਂ ਲੋਕਾਂ ਨੂੰ ਡਰ ਦੀ ਪੁਰਾਣੀ ਰਾਜਨੀਤੀ ਨੂੰ ਨਕਾਰ ਕੇ ਪੰਜਾਬ ਨੂੰ ਇਕਜੁੱਟ ਕਰਨ ਅਤੇ ਮਜ਼ਬੂਤ ਬਣਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਦੇ ਉਮੀਦਵਾਰ ਸਾਰੀਆਂ ਚਾਰ ਸੀਟਾਂ ’ਤੇ ਵੱਡੀ ਜਿੱਤ ਹਾਸਲ ਕਰਨਗੇ।