ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵਲੋਂ ਵਾਰਡ ਨੰ. 14 ਪ੍ਰੇਮ ਨਗਰ ਵਿਖੇ 21 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

---*ਵਾਰਡਾਂ ਵਿਚ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਮੇਰਾ ਮੁੱਖ ਟੀਚਾ: ਵਿਧਾਇਕ ਡਾ ਅਮਨਦੀਪ ਕੌਰ ਅਰੋੜਾ----
ਮੋਗਾ, 28 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਅੱਜ ਮੋਗਾ ਦੇ ਵਾਰਡ ਨੰਬਰ 14 ਪ੍ਰੇਮ ਨਗਰ ਵਿੱਚ 21 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਦੀਆਂ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ‘ਆਪ’ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ, ਰੋਸ਼ਨ ਲਾਲ ਚਾਵਲਾ ਸਬਜ਼ੀ ਮੰਡੀ ਪ੍ਰਧਾਨ, ਜਗਦੀਸ਼ ਸ਼ਰਮਾ, ਪਿੰਟੂ ਗਿੱਲ, ਰਾਜਵੀਰ ਸਿੰਘ, ਰਾਕੇਸ਼ ਮਿੱਡਾ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਧ ਤੋਂ ਵੱਧ ਗ੍ਰਾਂਟਾਂ ਲਿਆ ਕੇ ਵਾਰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਾਰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਸ਼ਹਿਰ ਦੇ ਵਾਰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ, ਜਿਸ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਾਰਡ ਨੰਬਰ 14 ਦੇ ਵਸਨੀਕਾਂ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਮੋਗਾ ਸ਼ਹਿਰ ਦੇ ਵਾਰਡਾਂ ਦੇ ਕੰਮ ਲਗਾਤਾਰ ਚੱਲ ਰਹੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਪੱਖਪਾਤ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ 'ਚ ਵਾਰਡ ਨੰ: 14 'ਚ ਸ਼ੁਰੂ ਕਰਵਾਏ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ |