ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਫੂਡ ਸੇਫ਼ਟੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਮੋਗਾ, 13 ਦਸੰਬਰ:(Jashan)
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਕਮੇਟੀ ਵੱਲੋਂ ਫੂਡ ਸੇਫ਼ਟੀ ਪ੍ਰਤੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ, ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਤੇ ਏ.ਐਫ.ਐਸ.ਓ ਸੁਰੇਸ਼ ਸਿੰਗਲਾ ਤੋਂ ਇਲਾਵਾ ਸਮੂਹ ਮੈਂਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ। ਉਹਨਾਂ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਸਮੂਹ ਹੋਟਲਾਂ, ਰੈਸਟੋਰੈਂਟਾਂ, ਮਠਿਆਈ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਫੂਡ ਸੇਫਟੀ ਲਾਇਸੰਸ ਜਿੰਨੀ ਜਲਦੀ ਹੋ ਸਕੇ ਅਪਲਾਈ ਕਰਨ, ਜੋ ਕਿ ਆਨਾਈਨ http://www.foscos.fssai.gov.in  ਉੱਪਰੋਂ ਅਪਲਾਈ ਹੋ ਸਕਦਾ ਹੈ ਅਤੇ ਇਸਨੂੰ ਸਮੇਂ ਸਿਰ ਰੀਨਿਊ ਵੀ ਕਰਵਾਇਆ ਜਾਵੇ। ਫੂਡ ਸੇਫਟੀ ਲਾਇਸੰਸ ਨੂੰ ਆਪਣੇ ਕਾਊਂਟਰ ਉੱਪਰ ਲਗਾ ਕੇ ਰੱਖਿਆ ਜਾਵੇ। ਉਨ੍ਹਾਂ ਪੈਕਿੰਗ ਕਰਨ, ਮਾਲ ਤਿਆਰ ਕਰਨ ਵਾਲੀਆਂ ਫਰਮਾਂ ਨੂੰ ਵੀ ਆਦੇਸ਼ ਜਾਰੀ ਕੀਤੇ ਕਿ ਉਹ ਆਪਣੇ ਉਤਪਾਦਾਂ ਦੀ ਟੈਸਟ ਰਿਪੋਰਟ ਕਰਵਾ ਕੇ ਫੂਡ ਸੇਫਟੀ ਦੀ ਵੈਬਸਾਈਟ ਉੱਪਰ ਅਪਲੋਡ ਕਰਨੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਖਾਣ ਪੀਣ ਦੀਆਂ ਵਸਤੂਆਂ ਨੂੰ ਢੱਕਣ ਅਤੇ ਰੈਪ ਕਰਨ ਵਿੱਚ ਅਖ਼ਬਾਰ ਦੀ ਵਰਤੋਂ ਬਿਲਕੁਲ ਵੀ ਨਾ ਕੀਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਫੂਡ ਸੇਫ਼ਟੀ ਐਕਟ-2006 ਬਾਰੇ ਜਾਣਕਾਰੀ ਤੋਂ ਇਲਾਵਾ ਗੁਡ ਮੈਨੂਫੈਕਚਰਿੰਗ ਪ੍ਰੈਕਟਿਸਜ਼ (ਜੀ.ਐਮ.ਪੀ.), ਗੁਡ ਹਾਈਜਿੰਨ ਪ੍ਰੈਕਟਿਸਜ਼ ਬਾਰੇ ਜਾਣਕਾਰੀ ਦਿੱਤੀ ਜਾਵੇ।