ਜ਼ਿਲ੍ਹਾ ਮੋਗਾ ਵਿੱਚ ਪਾਬੰਦੀਆਂ ਦੇ ਹੁਕਮ ਜਾਰੀ
ਮੋਗਾ, 4 ਜਨਵਰੀ (ਜਸ਼ਨ):
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 28 ਫਰਵਰੀ, 2025 ਤੱਕ ਲਾਗੂ ਰਹਿਣਗੇ।
ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ
ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ 'ਤੇ ਪਾਬੰਦੀ
ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼
ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖੇ ਚਲਾਉਣ ਤੇ ਪਾਬੰਦੀ
ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇੱਕ ਪਟੀਸ਼ਨ ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖਿਆਂ ਨੂੰ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਤੇ ਲਾਗੂ ਨਹੀ ਹੋਵੇਗੀ।
ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 ਡੀ.ਬੀ.(ਏ) ( ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮੰਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ। ਇਹ ਹੁਕਮ ਉਨਾਂ ਲਾਊਡ ਸਪੀਕਰਾਂ 'ਤੇ ਲਾਗੂ ਨਹੀਂ ਹੋਵੇਗਾ ਜਿੰਨਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ.ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ 'ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ 'ਤੇ ਲਾਗੂ ਕੀਤੇ ਗਏ ਹਨ।
ਮੈਰਿਜ਼ ਪੈਲਸਾਂ ਵਿੱਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋ. ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।