ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਵਿੱਚ ਪਿੰਡ ਦੇ ਖੇਡ ਮੈਦਾਨ ਦੇ ਨਵੀਨੀਕਰਨ ਲਈ 31.65 ਲੱਖ ਰੁਪਏ ਦੀ ਰਾਸ਼ੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਜਾਰੀ

ਮੋਗਾ, 12 ਜਨਵਰੀ (ਜਸ਼ਨ) : ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਅਤੇ ਇਨ੍ਹਾਂ ਨੂੰ ਖੇਡਣ ਨਾਲ ਸਾਡੇ ਸਰੀਰ ਤੰਦਰੁਸਤ ਰਹਿੰਦੇ ਹਨ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਵਿਚਾਰ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 86ਵੇਂ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਵੱਖ-ਵੱਖ ਖੇਡ ਸਮਾਗਮ ਕਰਵਾ ਕੇ ਪਿੰਡਾਂ ਦੇ ਸਟੇਡੀਅਮਾਂ ਦਾ ਰੂਪ ਬਦਲਿਆ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਦੇ ਖੇਡ ਮੈਦਾਨ ਦੇ ਨਵੀਨੀਕਰਨ ਲਈ 31 ਲੱਖ 65 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹੋਏ, ਉਨ੍ਹਾਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਪ੍ਰਬੰਧਕਾਂ ਵੱਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਉਨ੍ਹਾਂ ਦੇ ਆਉਣ 'ਤੇ ਧੰਨਵਾਦ ਕੀਤਾ ਗਿਆ ਅਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।


