ਕੰਪਿਊਟਰ ਅਧਿਆਪਕ ਹੱਕੀ ਮੰਗਾਂ ਲਾਗੂ ਕਰਵਾਉਣ ਲਈ 26 ਅਪ੍ਰੈਲ ਨੂੰ ਕਰਨਗੇ ਮੁੱਖ ਮੰਤਰੀ ਦੀ ਸੰਗਰੂਰ ਰਿਹਇਸ਼ ਦਾ ਘਿਰਾਓ

ਮੋਗਾ,24 ਅਪ੍ਰੈਲ (ਜਸ਼ਨ )ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਉਨ੍ਹਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ  ਵੱਲੋਂ ਲਏ ਗਏ ਫੈਸਲੇ ਅਨੁਸਾਰ 26  ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ (PICTES) ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਨਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। 

ਇਸ ਸਬੰਧੀ  ਕੰਪਿਊਟਰ ਟੀਚਰਜ ਯੂਨੀਅਨ ਜਿਲ੍ਹਾ ਮੋਗਾ ਦੇ ਆਗੂਆਂ ਰਾਕੇਸ਼ ਸਿੰਘ ਖਾਲਸਾ, ਹਰਭਗਵਾਨ ਸਿੰਘ, ਇਕਬਾਲ ਸਿੰਘ ਗਿੱਲ, ਸੁਖਜਿੰਦਰ ਸਿੰਘ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸ਼ਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ ਅਤੇ 4 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਜਿਲ੍ਹਾ ਵਿੱਚੋਂ ਪਰਮਿੰਦਰ ਸਿੰਘ, ਗੁਰਪਿਆਰ ਸਿੰਘ, ਰਾਜਪ੍ਰੀਤ ਸਿੰਘ, ਕੁਲਵਿੰਦਰ ਸਿੰਘ,ਮੈਡਮ ਬਲਜੀਤ ਕੌਰ, ਆਰਤੀ, ਗੁਰਜੀਤ ਕੌਰ, ਦਵਿੰਦਰ ਕੌਰ, ਰਵਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਗਗਨਦੀਪ ਸਿੰਘ, ਅਜਮੇਰ ਸਿੰਘ, ਸੁਭਾਸ਼ ਪਲਤਾ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।