ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਲੜਨ ਦਾ ਐਲਾਨ

ਜਲਦੀ ਹੀ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਹੋਵੇਗੀ ਜਾਰੀ :  ਰਛਪਾਲ ਸਿੰਘ ਸੋਸਣ 

ਮੋਗਾ, 24 ਅਪ੍ਰੈਲ (ਜਸ਼ਨ ) - ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਨਗਰ ਨਿਗਮ ਅਧੀਨ ਪੈਂਦੇ ਸਮੁੱਚੇ 50 ਵਾਰਡਾਂ ਵਿੱਚ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਅੱਜ ਇਥੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਲੜਨ ਦਾ ਫੈਸਲਾ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤੀ ਗਈ ਪ੍ਰਵਾਨਗੀ ਤੋਂ ਬਾਅਦ ਲਿਆ ਗਿਆ ਹੈ। ਉਨਾਂ ਕਿਹਾ ਕਿ ਪਾਰਟੀ ਵੱਲੋਂ ਮੋਗਾ ਸ਼ਹਿਰ ਵਿੱਚ ਵਾਰਡ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਪਾਰਟੀ ਵੱਲੋਂ ਖੜ੍ਹੇ ਕੀਤੇ ਜਾਣ ਵਾਲੇ ਸਾਫ਼-ਸੁਥਰੇ ਅਕਸ ਵਾਲੇ ਉਮੀਦਵਾਰਾਂ ਵਿੱਚ ਹਿੰਦੂ, ਸਿੱਖ, ਇਸਾਈ ਤੇ ਮੁਸਲਿਮ ਵਰਗ ਤੋਂ ਇਲਾਵਾ ਔਰਤਾਂ ਨੂੰ ਵੀ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ। ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਹੁਣ ਤੱਕ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਹਿੰਦੂ ਵਪਾਰੀਆਂ ਨੂੰ ਸਿਰਫ਼ ਟੈਕਸ ਵਗੈਰਾ ਦੀ ਉਗਰਾਹੀ ਕਰਨ ਲਈ ਹੀ ਵਰਤਿਆ ਹੈ, ਜਦੋਂ ਕਿ ਉਨਾਂ ਦੇ ਬੁਨਿਆਦੀ ਮਸਲਿਆਂ ਵੱਲ ਕਿਸੇ ਵੱਲੋਂ ਵੀ ਧਿਆਨ ਨਹੀਂ ਦਿੱਤਾ ਗਿਆ।
ਉਨਾਂ ਕਿਹਾ ਕਿ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਮਝ ਜਾਂਦੇ ਹਿੰਦੂ ਵਪਾਰੀ ਨੂੰ ਅੱਜ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਕਈ  ਡਿਪਰੈਸ਼ਨ ਵਿੱਚ ਜਾ ਕੇ ਆਪਣੇ ਜੀਵਨ ਲੀਲ੍ਹਾ ਖਤਮ ਕਰ ਰਹੇ ਹਨ। ਉਨਾਂ ਕਿਹਾ ਕਿ ਉਹ ਖੁਦ ਇੱਕ ਬਿਜਨਸਮੈਨ ਹਨ ਅਤੇ ਵਪਾਰੀਆਂ ਦੀ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਨਾਲ ਸਮਝਦੇ ਹਨ। ਉਨਾਂ ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਮੋਗਾ ਸ਼ਹਿਰ ਦੇ ਸਰਬਪੱਖੀ ਵਿਕਾਸ, ਨਸ਼ੇ ਦੇ ਖਾਤਮੇ ਅਤੇ ਵਪਾਰੀਆਂ ਦੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਨਗਰ ਨਗਮ ਦੀਆਂ ਚੋਣਾਂ ਲੜੀਆਂ ਜਾਣਗੀਆਂ।