2 ਮਈ ਨੂੰ ਵਿਧਾਇਕਾਂ ਦੇ ਘਰ ਘੇਰਨਗੀਆਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ

ਮੋਗਾ 30 ਅਪ੍ਰੈਲ (ਦਵਿੰਦਰ ਸਿੰਘ ਬਿੱਟੂ ) ਆਪਣੀਆਂ ਹੱਕੀ ਮੰਗਾਂ ਸਬੰਧੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਗੁਰਜੀਤ ਕੌਰ ਧਰਮਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ 2 ਮਈ ਨੂੰ ਸੂਬੇ ਭਰ ਵਿੱਚ ਵਿਧਾਇਕਾਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਯੂਨੀਅਨ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਤੁਰੰਤ ਦੁਗਣਾ ਕੀਤਾ ਜਾਵੇ। ਕੇਂਦਰਾਂ ਤੋਂ ਘਟੇ ਬੱਚਿਆਂ ਨੂੰ ਵਾਪਸ ਲਿਆਂਦਾ ਜਾਵੇ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਲੰਮੇ ਸਮੇਂ ਤੋਂ ਖਰੀਦੇ ਹੋਏ ਸਮਾਰਟ ਫੋਨ ਤੁਰੰਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੇ ਜਾਣ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲਏ ਜਾਂਦੇ ਹਨ ਉਹ ਤੁਰੰਤ ਬੰਦ ਕੀਤੇ ਜਾਣ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵਿਧਾਇਕਾਂ ਦੇ ਘਰਾਂ ਅੱਗੇ ਪਿਟ ਸਿਆਪਾ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ। ਉਨਾਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਹੈ ਕਿ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਿਲ ਹੋਈਏ ਤਾਂ ਜੋ ਆਪਾਂ ਆਪਣਾ ਹੱਕ ਪ੍ਰਾਪਤ ਕਰ ਸਕੀਏ।


