ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਸਮੇਤ 8 ਦੋਸ਼ੀ ਗ੍ਰਿਫ਼ਤਾਰ

ਜੈਤੋ, 15 ਮਈ (ਮਨਜੀਤ ਸਿੰਘ ਢੱਲਾ) : ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਨਾਲ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਗਿਆ ਕਿ ਜੈਤੋ ਵਿੱਚ ਦੁਕਾਨ ਅੰਦਰ ਦਾਖ਼ਲ ਹੋ ਕੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ, ਇੱਕ ਲੋਹੇ ਦਾ ਖੰਡਾ ਅਤੇ ਇੱਕ ਨਲਕੇ ਦੀ ਹੱਥੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਦੀਪ ਸਿੰਘ ਉਰਫ਼ ਵਣਜਾਰਾ, ਉਸਦੀ ਪਤਨੀ ਸੁਮਨ ਕੌਰ, ਵਿਸ਼ੇਸ਼ ਮਹਿਤਾ ਉਰਫ਼ ਮੱਤਾ, ਜਸਪ੍ਰੀਤ ਸਿੰਘ ਉਰਫ਼ ਜੱਸੂ, ਲੱਖਨ, ਹਰਪ੍ਰੀਤ ਸਿੰਘ, ਬੌਬੀ ਸਿੰਘ ਅਤੇ ਇੱਕ ਜੁਵੇਨਾਈਲ ਵਜੋਂ ਹੋਈ ਹੈ। ਇਹ ਸਾਰੇ ਜੈਤੋ ਦੇ ਰਹਿਣ ਵਾਲੇ ਹਨ।
ਪੁਲਿਸ ਅਨੁਸਾਰ 11 ਮਈ ਦੀ ਰਾਤ ਟਿੱਬੀ ਸਾਹਿਬ ਰੋਡ, ਜੈਤੋ ਵਿਖੇ ਕਟਿੰਗ ਦਾ ਕੰਮ ਕਰਨ ਵਾਲੇ ਕਰਨ ਸਿੰਘ ਅਤੇ ਉਸਦੀ ਦੁਕਾਨ ਵਿੱਚ ਮੌਜੂਦ ਸੁਰਿੰਦਰ ਕੁਮਾਰ ‘ਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ।
ਇਸ ਸਬੰਧੀ ਕਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਜੈਤੋ ਵਿੱਚ ਮੁਕੱਦਮਾ ਦਰਜ ਕਰਕੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ। ਇੰਸਪੈਕਟਰ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਵਣਜਾਰਾ ਸਮੇਤ ਹੋਰ ਮੁਲਜ਼ਮਾਂ ਨੂੰ ਚੰਦ ਘੰਟਿਆਂ ਵਿੱਚ ਕਾਬੂ ਕਰ ਲਿਆ।
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਵਣਜਾਰਾ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 21 ਮਾਮਲੇ ਦਰਜ ਹਨ। ਹੋਰ ਮੁਲਜ਼ਮਾਂ ਖ਼ਿਲਾਫ਼ ਵੀ ਪਹਿਲਾਂ ਕੇਸ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ।
ਐਸ.ਪੀ. (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਨੇ ਕਿਹਾ ਕਿ ਫਰੀਦਕੋਟ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਡੀ.ਐਸ.ਪੀ. ਇਕਬਾਲ ਸਿੰਘ ਸੰਧੂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੈਤੋ ਵਿੱਚ ਹੋਈ ਇਸ ਵਾਰਦਾਤ ਨੂੰ ਪੁਲਿਸ ਨੇ ਗੰਭੀਰਤਾ ਨਾਲ ਲਿਆ ਹੈ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅੱਗੇ ਵੀ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਇਸ ਮੌਕੇ ਪੁਲੀਸ ਥਾਣਾ ਜੈਤੋ ਦੇ ਮੁੱਖ ਇੰਸਪੈਕਟਰ ਨਵਪ੍ਰੀਤ ਸਿੰਘ ਅਤੇ ਏ ਐਸ ਆਈ ਨਛੱਤਰ ਸਿੰਘ, ਮੁਨਸ਼ੀ ਸੁਖਵਿੰਦਰ ਸਿੰਘ, ਜਗਸੀਰ ਸਿੰਘ ਜੱਗੂ ਤੋਂ ਇਲਾਵਾ ਲੇਡੀਜ਼ ਮਹਿਲਾ ਕਾਂਸਟੇਬਲ ਵੀਰਪਾਲ ਕੌਰ ਆਦਿ ਹਾਜ਼ਰ ਸਨ।