ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਘਰ ਨੂੰ ਲਾਈ ਅੱਗ, ਲੱਖਾਂ ਰੁਪਏ ਦਾ ਸਮਾਨ ਸੜਿਆ

ਜਗਰਾਉ (ਲੁਧਿਆਣਾ), 18 ਮਈ (ਜਸ਼ਨ) — ਜਗਰਾਉ ਦੇ ਮੁਹੱਲਾ ਆਤਮ ਨਗਰ ਵਿੱਚ ਐਤਵਾਰ ਦੇਰ ਸ਼ਾਮ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸੇ ਜਾ ਰਹੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੇ ਹੀ ਘਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੌਰਾਨ ਘਰ ਵਿੱਚ ਪਿਆ ਕੀਮਤੀ ਸਮਾਨ, ਫਰਨੀਚਰ ਅਤੇ ਹੋਰ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਪਰਿਵਾਰ ਨੂੰ ਲੱਖਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਦੇ ਭਰਾ ਹਰਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਅਚਾਨਕ ਘਰ ਵਿੱਚ ਅੱਗ ਲੱਗਣ ਕਾਰਨ ਪਰਿਵਾਰਕ ਮੈਂਬਰਾਂ ਵਿੱਚ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਨੇ ਆ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਦੋਂ ਤੱਕ ਭਾਣਾ ਵਾਪਰ ਚੁੱਕਿਆ ਸੀ।ਅੱਗ ਦੀ ਇਸ ਘਟਨਾ ਕਾਰਨ ਘਰ ਵਿੱਚ ਪਿਆ ਕੀਮਤੀ ਸਮਾਨ ਅਤੇ ਹੋਰ ਜ਼ਰੂਰੀ ਵਸਤਾਂ ਸੜ ਕੇ ਤਬਾਹ ਹੋ ਗਈਆਂ, ਜਿਸ ਨਾਲ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਘਟਨਾ ਤੋਂ ਬਾਅਦ ਦੋਵੇਂ ਭਰਾਵਾਂ ਵਿਚਕਾਰ ਤਿੱਖੀ ਬਹਿਸ ਹੋ ਗਈ, ਜੋ ਹੱਥੋਪਾਈ ਤੱਕ ਪਹੁੰਚ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦਖਲ ਦਿੰਦਿਆਂ ਦੋਹਾਂ ਨੂੰ ਵੱਖ ਕੀਤਾ।
ਇਸ ਦੌਰਾਨ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਸਰਬਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਦਾ ਡਾਕਟਰੀ ਮੁਆਇਨਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਅਤੇ ਜਾਂਚ ਦੇ ਆਧਾਰ 'ਤੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।