ਡੇਂਗੂ ਤੋਂ ਜਾਗਰੂਕ ਕਰਨ ਲਈ ਰੈਲੀ ,ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਨੇ ਦਿੱਤੀ ਹਰੀ ਝੰਡੀ

ਮੋਗਾ, 15 ਮਈ (ਦੀਪਕ ਕੌੜਾ ) :
ਸਿਹਤ ਵਿਭਾਗ ਮੋਗਾ ਵੱਲੋਂ ਡੇਂਗੂ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਦੇ ਸਹਿਜੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਡਾਕਟਰ ਨਰੇਸ਼ ਆਮਲਾ ਮੀਡੀਆ ਵਿੰਗ ਸਿਹਤ ਵਿਭਾਗ ਤੋ ਹਰਜਿੰਦਰ ਕੌਰ ਅਤੇ ਸਿਹਤ ਵਿਭਾਗ ਦੇ ਮਲੇਰੀਆ ਕਰਮਚਾਰੀ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਵੀ ਹਾਜ਼ਿਰ ਸਨ।
ਇਸ ਮੌਕੇ ਡਾ. ਅਸ਼ੋਕ ਸਿੰਗਲਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਂਗੂ ਇੱਕ ਖਤਰਨਾਕ ਬਿਮਾਰੀ ਹੈ ਜੋ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਗਮਲਿਆਂ ਦਾ ਪਾਣੀ ਹਰ ਹਫ਼ਤੇ ਬਦਲਣ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਵੀ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ।
ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਡੇਂਗੂ ਰੋਕਥਾਮ ਸਬੰਧੀ ਨਾਅਰੇ ਲਗਾ ਕੇ ਲੋਕਾਂ ਨੂੰ ਸਫ਼ਾਈ ਅਤੇ ਸਾਵਧਾਨੀਆਂ ਬਾਰੇ ਸੰਦੇਸ਼ ਦਿੱਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਮੌਕੇ ਸਕੂਲ ਸਟਾਫ਼, ਸਿਹਤ ਵਿਭਾਗ ਦੇ ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


