ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਮਹਿਲਾਵਾਂ ਨੂੰ ਮਿਲੀ ਆਰਥਿਕ ਮਜ਼ਬੂਤੀ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

*ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ
ਮੋਗਾ, 2 ਜੁਲਾਈ ( JASHAN) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੇ ਜਾਣ ਨਾਲ ਉਨ੍ਹਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਹੈ। ਇਹ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਆਰਥਿਕ ਸਹਾਇਤਾ ਰਾਸ਼ੀ ਭੇਜੇ ਜਾਣ 'ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਮਾਨ ਸਰਕਾਰ ਨੇ ਉਹ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਦੀ ਸਨਮਾਨ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਇਸ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਮਿਲੇਗਾ ਅਤੇ ਉਹ ਆਤਮਨਿਰਭਰ ਬਣਨ ਵੱਲ ਹੋਰ ਅੱਗੇ ਵਧਣਗੀਆਂ। ਡਾ. ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਧੂਰੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਮੋਗਾ ਵਿੱਚ ਕਰਵਾਏ ਗਏ ਲਾਈਵ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਨੂੰ ਮਹਿਲਾ ਹਿਤ ਵਿੱਚ ਇੱਕ ਵੱਡਾ ਕਦਮ ਦੱਸਿਆ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਦੀ ਹਰ ਮਾਂ, ਭੈਣ ਅਤੇ ਧੀ ਦਾ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਯਕੀਨੀ ਬਣਾਉਣਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕਰਕੇ ਇਹ ਸਾਬਤ ਕੀਤਾ ਹੈ ਕਿ ਇਹ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ 'ਤੇ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਰੁਜ਼ਗਾਰ, ਭ੍ਰਿਸ਼ਟਾਚਾਰ 'ਤੇ ਨੱਥ, ਕਿਸਾਨਾਂ ਦੀ ਭਲਾਈ, ਮੁਫ਼ਤ ਬਿਜਲੀ, ਮਹਿਲਾਵਾਂ ਦੇ ਸਨਮਾਨ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਈ ਇਤਿਹਾਸਕ ਫੈਸਲੇ ਲਏ ਹਨ। 'ਮਾਵਾਂ-ਧੀਆਂ ਸਤਿਕਾਰ ਯੋਜਨਾ' ਰਾਹੀਂ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜ ਕੇ ਸਰਕਾਰ ਨੇ ਇੱਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਕਾਸ ਅਤੇ ਲੋਕ ਭਲਾਈ ਦੀ ਨਵੀਂ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ। ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕੀਤਾ ਹੈ ਕਿ ਰਾਜਨੀਤੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਵਿੱਖ ਵਿੱਚ ਵੀ ਇਸੇ ਵਚਨਬੱਧਤਾ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕਰਦੀ ਰਹੇਗੀ।


