ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ

ਮੋਗਾ, 18 ਜੁਲਾਈ ( jashan ) : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਲੰਢੇਕੇ ਅਤੇ ਵਾਰਡ ਨੰਬਰ-50 ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਪਵਿੱਤਰ ਧਾਰਮਿਕ ਯਾਤਰਾ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਵਿਧਾਇਕਾ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ 'ਤੇ ਉਨ੍ਹਾਂ ਸ਼ਰਧਾਲੂਆਂ ਲਈ ਲਾਭਦਾਇਕ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਹਰ ਵਿਅਕਤੀ ਆਪਣੀ ਆਸਥਾ ਅਨੁਸਾਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕੇ।ਇਸ ਮੌਕੇ ਵਾਰਡ ਇੰਚਾਰਜ ਲਖਵਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ। ਉਨ੍ਹਾਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨਾਲ ਮਿਲ ਕੇ ਸ਼ਰਧਾਲੂਆਂ ਨੂੰ ਸ਼ੁਭ ਯਾਤਰਾ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰੋਗਰਾਮ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਆਮ ਲੋਕਾਂ ਲਈ ਇੱਕ ਮਹੱਤਵਪੂਰਨ ਅਤੇ ਲੋਕ-ਭਲਾਈ ਵਾਲੀ ਯੋਜਨਾ ਹੈ, ਜਿਸ ਦਾ ਹਜ਼ਾਰਾਂ ਸ਼ਰਧਾਲੂ ਲਾਭ ਉਠਾ ਰਹੇ ਹਨ।