ਮੋਗਾ ਵਿਖੇ ਕੌਮੀ ਲੋਕ ਅਦਾਲਤ ਅੱਜ-ਵਿਨੀਤ ਕੁਮਾਰ ਨਾਰੰਗ
ਮੋਗਾ, 7ਜੁਲਾਈ (ਜਸ਼ਨ): ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ 8 ਜੁਲਾਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਹਰੇਕ ਤਰਾਂ ਦੇ ਝਗੜਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਸ਼੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 8 ਜੁਲਾਈ ਨੂੰ ਮੋਗਾ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੱਡੇ ਪੱਧਰ ’ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰੇਕ ਤਰਾਂ ਦੇ ਕੇਸ ਜਿਵੇਂ ਕਿ ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138, ਬੈਂਕ ਰਿਕਵਰੀ ਕੇਸ, ਲੇਬਰ ਝਗੜਿਆਂ ਦੇ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਝਗੜਿਆਂ ਦੇ ਰਾਜ਼ੀਨਾਮੇ ਯੋਗ ਕੇਸ, ਹੋਰ (ਰਾਜ਼ੀਨਾਮਾ ਹੋਣ ਯੋਗ ਫੌਜਦਾਰੀ, ਵਿਵਾਹਿਕ ਝਗੜਿਆਂ ਦੇ ਕੇਸ ਅਤੇ ਹੋਰ ਦੀਵਾਨੀ ਝਗੜਿਆਂ ਦੇ ਕੇਸ), ਲੈਂਡ ਐਕੁਈਜ਼ੇੇਸ਼ਨ ਕੇਸ, ਤਨਖਾਹ ਅਤੇ ਭੱਤਿਆਂ ਅਤੇ ਰਿਟਾਇਰਮੈਂਟ ਲਾਭਾਂ ਨਾਲ ਸਬੰਧਿਤ ਸਰਵਿਸ ਮੈਟਰ, ਰੇਵੈਨਿਊ ਕੇਸ ਤੇ ਹੋਰ ਦੀਵਾਨੀ ਕੇਸ ਆਦਿ ਸਮਝੌਤੇ ਲਈ ਵਿਚਾਰੇ ਜਾਣਗੇ ਅਤੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸ਼੍ਰੀ ਵਿਨੀਤ ਕੁਮਾਰ ਨਾਰੰਗ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾ ਕੇ ਇਸ ਦਾ ਲਾਭ ਉਠਾਉਣ। ਉਨਾਂ ਦੱਸਿਆ ਕਿ ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਸਮਝੌਤਾ ਹੋਣ ਦੀ ਸੂਰਤ ਵਿੱਚ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ।