ਜ਼ਿਲੇ ਦੇ 983 ਆਂਗਣਵਾੜੀ ਕੇਂਦਰਾਂ‘ਚ ਬੱਚਿਆਂ ਤੇ ਗਰਭਵਤੀ ਮਾਂਵਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ ਪੌਸ਼ਟਿਕ ਆਹਾਰ
ਮੋਗਾ 10 ਜੁਲਾਈ (ਜਸ਼ਨ)-ਜ਼ਿਲਾ ਮੋਗਾ ‘ਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੰਤਵ ਲਈ ਚਾਲੂ ਮਾਲੀ ਸਾਲ ਦੀ ਪਹਿਲੀ ਤਿਮਾਹੀ ਲਈ 1 ਕਰੋੜ 23 ਲੱਖ 48 ਹਜ਼ਾਰ ਰੁਪਏ ਦੇ ਫੰਡ ਪ੍ਰਾਪਤ ਹੋ ਚੁੱਕੇ ਹਨ ਅਤੇ ਇਸ ਸਾਲ ਦੌਰਾਨ ਲਗਭੱਗ 4 ਕਰੋੜ 93 ਲੱਖ 92 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਇਸ ਸਮੇ ਮੋਗਾ ਜਿਲੇ ਦੇ 5 ਬਲਾਕਾਂ ਵਿੱਚ 974 ਵੱਡੇ ਆਂਗਣਬਾੜੀ ਕੇਂਦਰ ਅਤੇ 9 ਛੋਟੇ ਆਂਗਣਵਾੜੀ ਕੇਂਦਰ ਚੱਲ ਰਹੇ ਹਨ। ਉਨਾਂ ਦੱਸਿਆ ਕਿ ਇੰਨਾਂ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਤੋਂ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਨਰਸਿੰਗ ਮਾਂਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ ਸਕੀਮ ਅਧੀਨ ਖੁਰਾਕ ਦਿੱਤੀ ਜਾਂਦੀ ਹੈ ਅਤੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਪੂਰਵ ਸਕੂਲ ਸਿੱਖਿਆ, 0-6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਤੇ ਨਰਸਿੰਗ ਮਾਂਵਾਂ ਦੀ ਸਿਹਤ ਦੀ ਨਿਯਮਤ ਜਾਂਚ, ਟੀਕਾਕਰਨ, ਨਿਊਟਰੀਸ਼ਨ ਤੇ ਸਿਹਤ ਸਬੰਧੀ ਜਾਣਕਾਰੀ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਦਲੀਆ, ਨਮਕੀਨ ਚਾਵਲ, ਪੰਜੀਰੀ, ਨਮਕੀਨ ਦਲੀਆ, ਮਿੱਠੇ ਚਾਵਲ ਦਿੱਤੇ ਜਾਂਦੇ ਹਨ, ਤਾਂ ਜੋ ਉਨਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ।