ਕੈਪਟਨ ਦੀ ਅਗਵਾਈ ’ਚ ਕਾਂਗਰਸ ਸਰਕਾਰ ਸੂਬੇ ਨੂੰ ਖੁਸ਼ਹਾਲੀ ਦੇ ਰਾਹ ਤੋਰਨ ਦੇ ਸਮਰੱਥ- ਜਗਸੀਰ ਮੰਗੇਵਾਲਾ
ਮੋਗਾ,18 ਜੁਲਾਈ (ਜਸ਼ਨ)-ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਗਾਤਾਰ ਆਪਣੀ ਦੂਰਅੰਦੇਸ਼ੀ ਨਾਲ ਸੂਬੇ ਨੂੰ ਖੁਸ਼ਹਾਲੀ ਦੇ ਰਾਹ ਤੋਰਨ ਦੇ ਸਮਰੱਥ ਹੋ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ । ਮੰਗੇਵਾਲਾ ਨੇ ਕਿਹਾ ਕਿ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਪ੍ਰਤੀ ਸੰਜੀਦਗੀ ਨਾਲ ਕੰਮ ਕਰਦਿਆਂ ਵਚਨਬੱਧਤਾ ਭਰਪੂਰ ਸੋਚ ਨਾਲ ਲੋਕ ਭਲਾਈ ਸਕੀਮਾਂ ਨੂੰ ਸਿਰਜਦਿਆਂ ਲੋਕਾਂ ਨੂੰ ਰਾਹਤ ਦੇ ਰਹੀ ਹੈ । ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਦੇ ਰਾਜ ਵਿਚ ਸੂਬੇ ਦੀ ਸੱਤਾ ’ਤੇ ਕਾਬਜ਼ ਰਹੀ ਅਕਾਲੀ ਭਾਜਪਾ ਗੱਠਜੋੜ ਨੇ ਕਦੇ ਵੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ ਜਿਸ ਕਾਰਨ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰਹਿਣਾ ਪਿਆ । ਜਗਸੀਰ ਮੰਗੇਵਾਲਾ ਨੇ ਕਿਹਾ ਕਿ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਜਿਹਨਾਂ ਵਿਚ ਆਟਾ ਦਾਲ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ‘ਸਮਾਰਟ ਕਾਰਡ ’ ਬਣਾਉਣਾ, ਜੰਗੀ ਵਿਧਵਾਵਾਂ ਨੂੰ ਜ਼ਮੀਨਾਂ ਦੀ ਬਜਾਏ ਨਕਦ ਰਾਸ਼ੀ ਦੇਣਾ , ਲੜਕੀਆਂ ਨੂੰ ਮੁੱਫਤ ਉੱਚ ਸਿੱਖਿਆ ਮੁਹੱਈਆ ਕਰਵਾਉਣਾ ,ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਅਤੇ ਨੌਜਵਾਨਾਂ ਨੂੰ ਦੋਪਹੀਆ ਵਾਹਨ ਕੈਬ ਆਦਿ ਦੇਣ ਦੇ ਫੈਸਲੇ ਲੈ ਕੇ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਸੱਚ ਮੁੱਚ ਲੋਕ ਹਿਤੈਸ਼ੀ ਸਰਕਾਰ ਹੈ ਜੋ ਨਿਸ਼ਚੈ ਹੀ ਸੂਬੇ ਨੂੰ ਖੁਸ਼ਹਾਲੀ ਦੇ ਰਾਹ ਤੋਰਨ ਦੇ ਸਮਰੱਥ ਹੋਵੇਗੀ।