ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਰਾਜਮਾਤਾ ਮੋਹਿੰਦਰ ਕੌਰ ਦਾ ਦਿਹਾਂਤ

* ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਨਾਂ ਕਾਂਗਰਸ ਆਗੂਆਂ ਵੱਲੋਂ ਰਾਜਮਾਤਾ ਦੇ ਵਿਛੋੜੇ ’ਤੇ ਡੂੰਘਾ ਦੁੱਖ ਪ੍ਰਗਟ
ਚੰਡੀਗੜ, 24 ਜੁਲਾਈ(ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨਾਂ ਦੇ ਮਾਤਾ ਜੀ ਰਾਜਮਾਤਾ ਮੋਹਿੰਦਰ ਕੌਰ ਪਟਿਆਲਾ ਵਿਖੇ ਸ਼ਾਮ ਵੇਲੇ ਵਿਛੋੜਾ ਦੇ ਗਏ। ਇਕ ਸਰਕਾਰੀ ਬੁਲਾਰੇ ਅਨੁਸਾਰ ਸਾਬਕਾ ਸੰਸਦ ਮੈਂਬਰ ਰਾਜਮਾਤਾ ਮੋਹਿੰਦਰ ਕੌਰ 96 ਸਾਲਾਂ ਦੇ ਸਨ। ਉਨਾਂ ਦੀ ਸਿਹਤ ਪਿਛਲੇ ਕੁੱਝ ਸਮੇਂ ਤੋਂ ਠੀਕ ਨਹੀਂ ਸੀ। ਉਨਾਂ ਨੇ ਆਪਣਾ ਆਖਰੀ ਸਾਹ ਅੱਜ ਪਟਿਆਲਾ ਦੇ ਮੋਤੀ ਮਹਿਲ ਵਿਖੇ 7:24 ਵਜੇ ਸ਼ਾਮ ਨੂੰ ਲਿਆ। ਬੁਲਾਰੇ ਅਨੁਸਾਰ ਬਜ਼ੁਰਗ ਹੋਣ ਕਾਰਨ ਉਹ ਬਹੁਤ ਜ਼ਿਆਦਾ ਕਮਜ਼ੋਰ ਹੋ ਗਏ ਸਨ ਅਤੇ ਉਨਾਂ ਦੇ ਅੰਗਾਂ ਨੇ ਕੰਮ ਕਰਨਾ ਛੱਡ ਦਿੱਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜਮਾਤਾ ਮੋਹਿੰਦਰ ਕੌਰ ਦੇ ਅੰਤਿਮ ਸੰਸਕਾਰ ਲਈ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਚਲੇ ਗਏ ਹਨ। ਮਾਤਾ ਜੀ ਦਾ ਮੰਗਲਵਾਰ ਨੂੰ ਸੰਸਕਾਰ ਕੀਤਾ ਜਾਵੇਗਾ। ਬੁਲਾਰੇ ਅਨੁਸਾਰ ਭਲਕੇ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਅਤੇ ਹੋਰ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਬੁਲਾਰੇ ਅਨੁਸਾਰ ਰਾਜ ਮਾਤਾ ਪਿਛਲੇ ਕੁੱਝ ਮਹੀਨਿਆਂ ਤੋਂ ਤੰਦਰੁਸਤ ਨਹੀਂ ਸਨ। ਉਨਾਂ ਨੂੰ ਇਸ ਸਾਲ ਮਾਰਚ ਵਿਚ ਅੰਤੜੀਆਂ ਵਿਚੋਂ ਖੂਨ ਦੇ ਰਸਾਅ ਕਾਰਨ ਪੀ.ਜੀ.ਆਈ. ਚੰਡੀਗੜ ਵਿਖੇ ਦਾਖਲ ਕਰਾਇਆ ਗਿਆ ਸੀ। ਉਹ ਆਪਣੇ ਪਿਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਪਟਿਆਲਾ ਦੇ ਸਵਰਗੀ ਮਹਾਰਾਜਾ ਯਾਦਵਿੰਦਰ ਸਿੰਘ ਦੀ ਪਤਨੀ ਮੋਹਿੰਦਰ ਕੌਰ ਦਾ ਜਨਮ ਅਣ-ਵੰਡੇ ਪੰਜਾਬ ਵਿਚ ਲੁਧਿਆਣਾ ਵਿਖੇ ਸਰਦਾਰ ਹਰਚੰਦ ਸਿੰਘ ਜੇਜੀ ਦੇ ਘਰ ਹੋਇਆ ਜੋ ਕਿ ਪਟਿਆਲਾ ਸਟੇਟ ਦੀ ਇਕ ਉੱਚ ਸਖਸ਼ੀਅਤ ਅਤੇ ਪਟਿਆਲਾ ਰਿਆਸਤ ਪਰਜਾ ਮੰਡਲ ਦੇ ਮੈਂਬਰ ਸਨ। ਇਹ ਪਰਜਾ ਮੰਡਲ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਸਬੰਧਤ ਸੀ। ਰਾਜਮਾਤਾ ਮੋਹਿੰਦਰ ਕੌਰ ਦੀ ਸ਼ਾਦੀ 16 ਸਾਲ ਦੀ ਉਮਰ ’ਚ 1938 ਵਿਚ ਹੋਈ। ਲੋਕ ਸਭਾ ਤੇ ਰਾਜ ਸਭਾ ਦੇ ਸਾਬਕਾ ਮੈਂਬਰ ਰਾਜਮਾਤਾ ਸਿਆਸੀ, ਸਮਾਜਿਕ ਅਤੇ ਹੋਰਨਾਂ ਪਰਉਪਕਾਰੀ ਸਰਗਰਮੀਆਂ ਵਿਚ ਸਰਗਰਮ ਸਨ। ਰਾਜਮਾਤਾ ਮੋਹਿੰਦਰ ਕੌਰ ਦੀ ਮੌਤ ’ਤੇ ਦੇਸ਼ ਦੀਆਂ ਅਨੇਕਾਂ ਉੱਘੀਆਂ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਨੇ ਮੁੱਖ ਮੰਤਰੀ ਨਾਲ ਆਪਣਾ ਦੁੱਖ ਸਾਂਝਾ ਕੀਤਾ ਹੈ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਨਵਜੋਤ ਸਿੰਘ ਸਿੱਧੂ, ਰਾਣਾ ਗੁਰਜੀਤ ਸਿੰਘ, ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨ ਅਤੇ ਅਰੁਨਾ ਚੌਧਰੀ ਤੋਂ ਇਲਾਵਾ ਬਹੁਤ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਵੀ ਰਾਜਮਾਤਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ. ਐਸ ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਾਰਾਲ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ ਨੇ ਵੀ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁਖੀ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪੰਜਾਬ ਰਾਜ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸਜ਼ ਆਫਿਸਰਜ਼ ਐਸੋਸੀਏਸ਼ਨ ਨੇ ਵੀ ਰਾਜਮਾਤਾ ਦੇ ਵਿਛੋੜੇ ’ਤੇ ਦੁੱਖ ਪ੍ਰਗਟ ਕੀਤਾ ਹੈ।