ਸਾਬਕਾ ਮੁੱਖ ਮੰਤਰੀ ਬਾਦਲ ਅਤੇ ਭਾਜਪਾ ਆਗੂਆਂ ਨੇ ਕੈਪਟਨ ਨਾਲ ਮਿਲ ਕੇ ਰਾਜਮਾਤਾ ਦੀ ਮੌਤ ਤੇ ਦੁੱਖ ਸਾਂਝਾ ਕੀਤਾ

ਪਟਿਆਲਾ, 25 ਜੁਲਾਈ: (ਜਸ਼ਨ):ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ। ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੀਨੀਅਰ ਪਾਰਟੀ ਆਗੂ ਅਤੇ ਕੈਬਨਿਟ ਦੇ ਸਾਬਕਾ ਸਾਥੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਸਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਅਕਾਲੀ ਆਗੂਆਂ ਨਾਲ ਮਿਲ ਕੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਪ੍ਰਕਾਸ਼ ਸਿੰਘ ਬਾਦਲ ਨੇ ਰਾਜਮਾਤਾ ਵੱਲੋਂ ਭਾਰਤ ਖਾਸਕਰ ਪੰਜਾਬ ਦੇ ਲੋਕਾਂ ਲਈ ਇਕ ਸਿਆਸਤਦਾਨ ਅਤੇ ਇਕ ਸਮਾਜ ਸੇਵਿਕਾ ਵਜੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਬਾਦਲ ਨੇ ਕਿਹਾ ਕਿ ਰਾਜਮਾਤਾ ਨੂੰ ਹਮੇਸ਼ਾ ਹੀ ਆਪਣੇ ਵਕਤ ਤੋਂ ਅੱਗੇ ਚੱਲਣ ਵਾਲੀ ਔਰਤ ਵਜੋਂ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿਚ ਅਮਿੱਟ ਛਾਪ ਛੱਡੀ ਹੈ। ਅਕਾਲੀ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਉਨ੍ਹਾਂ ਦੀ ਅਰਦਾਸ ਪਰਿਵਾਰ ਦੇ ਨਾਲ ਹੈ ਅਤੇ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਬਲ ਬਖਸ਼ੇ।