ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖੜੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 6 ਅਗਸਤ:(ਜਸ਼ਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਰੱਖੜੀ (ਰਕਸ਼ਾ ਬੰਧਨ) ਦੇ ਪਵਿੱਤਰ ਮੌਕੇ ਨਿੱਘੀ ਵਧਾਈ ਦਿੱਤੀ ਹੈ। ਰੱਖੜੀ ਦੇ ਤਿਉਹਾਰ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਭੈਣ ਅਤੇ ਭਰਾ ਵਿਚਕਾਰ ਪ੍ਰੇਮ, ਜ਼ਿੰਮੇਵਾਰੀ ਅਤੇ ਸੁਰੱਖਿਆ ਦੇ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਖੁਸ਼ੀਆਂ ਭਰਿਆ ਸਮਾਂ ਹੈ ਕਿ ਅਸੀਂ ਸਾਰੇ ਪ੍ਰੇਮ, ਸ਼ਾਂਤੀ ਅਤੇ ਸਦਭਾਵਨਾ ਦੀਆਂ ਸਮਾਜਕ ਕਦਰਾਂ-ਕੀਮਤਾਂ ਅਤੇ ਰਿਵਾਇਤਾਂ ’ਤੇ ਆਪਣੇ ਆਪ ਨੂੰ ਦਿ੍ਰੜ ਕਰੀਏ ਜੋ ਕਿ ਇਕ ਵਧੀਆ ਮਨੁੱਖ ਦੀ ਸਿਰਜਣਾ ਕਰਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪ੍ਰਚੰਡ ਭਾਵਨਾਵਾਂ ਅਤੇ ਖੁਸ਼ੀਆਂ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਮਾਜ ਵਿੱਚ ਸ਼ਾਂਤੀ, ਪਿਆਰ ਅਤੇ ਆਪਸੀ ਭਾਈਚਾਰੇ ਨੂੰ ਪੈਦਾ ਕਰੇ।