ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ  ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਆਯੋਜਿਤ

*ਪਿਛਲੀ ਸਰਕਾਰ ਦੌਰਾਨ ਐਸ.ਸੀ./ਬੀ.ਸੀ ਵਿਦਿਆਰਥੀਆਂ ਦੇ ਵਜੀਫਿਆਂ ’ਚ ਹੋਏ 700 ਕਰੋੜ ਦੇ ਘਪਲੇ ਨੂੰ ਜਲਦੀ ਬੇਨਕਾਬ ਕੀਤਾ ਜਾਵੇਗਾ: ਧਰਮਸੋਤ

ਲੌਂਗੋਵਾਲ/ਸੰਗਰੂਰ, 20 ਅਗਸਤ (ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਗੋਵਾਲ ਦੀ 32ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਅਨਾਜ ਮੰਡੀ ਵਿਖੇ ਕਰਵਾਇਆ ਗਿਆ ਜਿਸ ’ਚ ਪੰਜਾਬ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ ਤੌਰ ’ਤੇ ਸ਼ਾਮਿਲ ਹੁੰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੰੂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਧਰਮਸੋਤ ਨੇ ਸੰਗਤਾਂ ਦੇ ਭਰਵੇਂ ਇਕੱਠ ਨੰੂ ਸੰਬੋਧਨ ਕਰਦਿਆਂ ਕਿਹਾ ਸੰਤ ਹਰਚੰਦ ਸਿੰਘ ਲੌਗੋਂਵਾਲ ਨੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਨੰੂ ਕਾਇਮ ਰੱਖਣ ਲਈ ਆਪਣੀ ਸ਼ਹਾਦਤ ਦਿੱਤੀ ਜਿਸਨੰੂ ਰਹਿੰਦੀ ਦੁਨੀਆਂ ਤੱਕ ਭੁਲਾਇਆ ਨਹੀ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੰੂ ਯਾਦ ਰੱਖਦੀਆਂ ਹਨ, ੳਹ ਹਮੇਸ਼ਾ ਜਿਉਂਦੀਂਆਂ ਰਹਿੰਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਜਦੋਂ ਖੂਨ ਦੀ ਲੜਾਈ ਲੜ ਰਿਹਾ ਸੀ, ਉਸ ਸਮੇਂ ਪੰਜਾਬ ਅਤੇ ਪੰਜਾਬੀਆਂ ਦੀ ਰਾਖੀ ਲਈ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਾਜੀਵ-ਲੌਂਗੋਵਾਲ ਸਮਝੌਤਾ ਕਰਕੇ ਪੰਜਾਬ ਅਤੇ ਪੰਜਾਬੀਅਤ ਦੇ ਲਈ ਵੱਧ ਚੜ ਕੇ ਯੋਗਦਾਨ ਪਾਇਆ। ਉਨਾਂ ਕਿਹਾ ਸੰਤ ਲੌਂਗੋਵਾਲ ਦੇ ਜੀਵਨ ਦਾ ਮਕਸਦ ਪੰਜਾਬ ਅੰਦਰ ਅਮਨ ਸ਼ਾਂਤੀ ਨੰੂ ਬਣਾਈ ਰੱਖਣਾ ਸੀ, ਪਰੰਤੂ ਉਸ ਸਮੇਂ ਅਮਨ ਸਾਂਤੀ ਨੰੂ ਭੰਗ ਕਰਨ ਵਾਲੀਆਂ ਤਾਕਤਾਂ ਨੇ ਸੰਤ ਲੌਂਗੋਵਾਲ ਨੰੂ ਸ਼ਹੀਦ ਕਰ ਦਿੱਤਾ। ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੰਤ ਲੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਕੀਤੀ ਅਤੇ ਆਪਣੇ ਹਿੱਤਾਂ ਨੰੂ ਅੱਗੇ ਰੱਖ ਕੇ ਸ਼ਾਂਤੀ ਦੇ ਮਸੀਹਾ ਨੰੂ ਹਮੇਸ਼ਾ ਪਿੱਛੇ ਰੱਖਣ ਦੀ ਕੋਸ਼ਿਸ ਕੀਤੀ। ਉਨਾਂ ਕਿਹਾ 10 ਸਾਲ ਰਾਜ ਕਰਨ ਵਾਲੀ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਲੌਂਗੋਵਾਲ ਦੇ ਵਿਕਾਸ ਵੱਲ ਬਿਲਕੁੱਲ ਵੀ ਧਿਆਨ ਨਹੀ ਦਿੱਤਾ। ਉਨਾਂ ਬਾਦਲ ਪਰਿਵਾਰ ’ਤੇ ਵਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੀ ਥਾਂ ’ਤੇ ਮਤਲਬਪ੍ਰਸਤੀ ਵਾਲੀ ਰਾਜਨੀਤੀ ਕਰਕੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨਾਂ ਲੋਕਾਂ ਨੰੂ ਵਿਸ਼ਵਾਸ ਦਿਵਾਇਆ ਕਿ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੰੂ ਜਾਣੂ ਕਰਵਾਇਆ ਜਾਵੇਗਾ ਅਤੇ ਲੋਕਾਂ ਦੀਆਂ ਮੰਗਾਂ ਨੰੂ ਪਹਿਲਕਦਮੀ ਨਾਲ ਹਲ ਕੀਤਾ ਜਾਵੇਗਾ। ਇਸ ਤੋਂ ਪਹਿਲਾ ਸਮਾਗਮ ਦੌਰਾਨ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੰੂ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਨੇ ਸਾਰੀ ਜਿੰਦਗੀ ਸਿੱਖੀ ਦੇ ਸਿਧਾਂਤਾਂ ’ਤੇ ਪਹਿਰਾ ਦਿੱਤਾ ਅਤੇ ਲੋਕ ਸੇਵਾ ਲਈ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਹਰੇਕ ਵਾਅਦੇ ਨੰੂ ਪੂਰਾ ਕੀਤਾ ਜਾਵੇਗਾ। ਉਨਾ ਵੱਡੀ ਤਾਦਾਦ ’ਚ ਸੰਗਤਾਂ ਦੀ ਸਮੂਲੀਅਤ ਸੰਤ ਲੌਂਗੋਵਾਲ ਪ੍ਰਤੀ ਸਨੇਹ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਦੀ ਹੈ। ਵਿਧਾਇਕ ਧੂਰੀ ਸ੍ਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਤੋਂ ਲੋਕਾਂ ਨੰੂ ਪ੍ਰੇਰਣਾ ਲੈਣ ਦੀ ਲੋੜ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸੁਨੇਹਾ ਹੈ ਕਿ ਦੇਸ਼ ਅਤੇ ਕੌਮ ਲਈ ਸ਼ਹੀਦ ਹੋਣ ਵਾਲਿਆਂ ਦਾ ਸਾਨੰੂ ਦਿਲੋ ਸਤਿਕਾਰ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਜੋੜਨ ਅਤੇ ਇਕਜੁੱਟ ਕਰਨ ਲਈ ਕਾਰਜ਼ਸੀਲ ਹੈ ਜਿਸ ਤਹਿਤ ਸਾਰੇ ਧਰਮਾਂ ਦੇ ਲੋਕਾਂ ਨੰੂ ਨਾਲ ਲੈ ਕੇ ਤੁਰਨ ਨੰੂ ਤਰਜੀਹ ਦਿੱਤੀ ਜਾ ਰਹੀ ਹੈ। ਵਿਧਾਇਕ ਸੰਗਰੂਰ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੰਤ ਲੌਂਗੋਵਾਲ ਨੰੂ ਸ਼ਰਧਾ ਦੇ ਫੁਲ ਭੇਂਟ ਕਰਨ ਮਗਰੋ ਕਿਹਾ ਕਿ ਸੰਤ ਲੌਂਗੋਵਾਲ ਨੇ ਸਿਆਸਤ ਤੋਂ ਉੱਤੇ ਉੱਠ ਕੇ ਤਪਸਵੀ ਦੇ ਤੌਰ ਤੇ ਲੋਕਾਈ ਦੇ ਭਲੇ ਲਈ ਕੰਮ ਕੀਤਾ। ਉਨਾਂ ਕਿਹਾ ਸੰਤ ਲੌਂਗੋਵਾਲ ਨੇ ਪੰਜਾਬ ਦੀ ਤਰੱਕੀ ਦਾ ਬੀੜਾ ਚੁੱਕਿਆ ਸੀ ਜਿਸ ਤਹਿਤ ਰਾਜੀਵ-ਲੌਂਗੋਵਾਲ ਸਮਝੋਤਾ ਹੋਇਆ। ਉਨਾਂ ਕਿਹਾ ਵਿਰੋਧੀ ਧਿਰ ਵੱਲੋਂ ਆਏ ਦਿਨ ਕਿਸਾਨਾਂ ਦੀ ਕੁਰਕੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਤੱਥਹੀਣ ਹੈ ਕਿਉਂਕਿ ਮੌਜੂਦਾ ਸਰਕਾਰ ਨੇ ਕਿਸੇ ਵੀ ਕਿਸਾਨ ਦੀ ਕੁਰਕੀ ਸਬੰਧੀ ਕੋਈ ਆਦੇਸ਼ ਜਾਰੀ ਨਹੀ ਕੀਤਾ। ਉਨਾਂ ਕਿਹਾ ਕਿ ਅੱਜ ਦੇ ਦਿਨ ਪੰਜਾਬ ਦੇ ਸਮੁੱਚੇ ਕਿਸਾਨ ਭਾਈਚਾਰੇ ਨੰੂ ਖੁਦਕੁਸ਼ੀਆਂ ਵਾਲਾ ਰਸਤਾ ਨਾ ਅਪਨਾਉਣ ਅਤੇ ਨੌਜਵਾਨ ਵਰਗ ਨੰੂ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸ. ਸੁਰਿੰਦਰ ਸਿੰਘ ਧੂਰੀ ਨੇ ਵੀ ਸ਼ਰਧਾ ਦੇ ਫੁਲ ਭੇਂਟ ਕੀਤੇ। ਸਮਾਰੋਹ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਭਤੀਜੇ ਸ. ਰੂਪ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਸਿਰਕਤ ਕੀਤੀ। ਕੈਬਨਿਟ ਮੰਤਰੀ ਅਤੇ ਹੋਰ ਸ਼ਖ਼ਸੀਅਤਾ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਮਾਗਮ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੰੂ ਉਹ ਇਲਾਕਾ ਵਾਸੀਆਂ ਦੀਆਂ ਮੰਗਾਂ ਤੋਂ ਜਾਣੰੂ ਕਰਵਾਉਣਗੇ ਅਤੇ ਨੇੜ ਭਵਿੱਖ ’ਚ ਲੌਂਗੋਵਾਲ ਦੇ ਵਿਕਾਸ ਨੰੂ ਯਕੀਨੀ ਬਣਾਇਆ ਜਾਵੇਗਾ। ਮਲੇਰਕੋਟਲਾ ਵਿਖੇ ਅੱਜ ਹੋਈ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਸ. ਧਰਮਸੋਤ ਨੇ ਕਿਹਾ ਕਿ ਕਿਸੇ ਵੀ ਧਰਮ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੰੂ ਪੰਜਾਬ ਸਰਕਾਰ ਵੱਲੋਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫੇ ’ਚ ਹੋਏ 700 ਕਰੋੜ ਦੇ ਘਪਲੇ ਨੰੂ ਜਲਦੀ ਉਜ਼ਾਗਰ ਕੀਤਾ ਜਾਵੇਗਾ। ਇਸ ਮੌਕੇ ਹਰਮਨ ਬਾਜਵਾ, ਸ੍ਰੀਮਤੀ ਗੀਤਾ ਸ਼ਰਮਾ, ਪਰਮਾਨੰਦ ਕਾਂਸਲ, ਸੰਜੇ ਗੋਇਲ, ਵਿਜੈ ਗੋਇਲ, ਬੁੱਧ ਰਾਮ, ਜਗਪਾਲ ਸਿੰਘ ਸੰਮੀ, ਮੇਲਾ ਸਿੰਘ ਸੂਬੇਦਾਰ, ਬਲਵੰਤ ਸਿੰਘ, ਬੱਬਲੂ ਸਿੰਗਲਾ, ਰਾਜੀਵ ਕੁਮਾਰ ਜਿੰਦਲ, ਮੁਲਖਾ ਸਿੰਘ, ਵਲੈਤੀ ਪੁਰੀ, ਡਾ. ਅਮਿਤ, ਜਗਦੇਵ ਸਿੰਘ, ਦਲਜੀਤ ਸਿੰਘ ਬਿੱਟੂ, ਬਲਵੀਰ ਤੌਗੋਵਾਲ,ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਐਸ.ਡੀ.ਐਮ ਅਵਿਕੇਸ਼ ਗੁਪਤਾ, ਐਸ.ਪੀ. ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ, ਵਰਕਰ ਅਤੇ ਅਧਿਕਾਰੀ ਹਾਜ਼ਰ ਸਨ।