ਮਾਨਸਾ ਵਿਖੇ ਡੀ.ਆਈ.ਜੀ., ਡੀ.ਸੀ. ਅਤੇ ਐਸ.ਐਸ.ਪੀ. ਦੀ ਅਗਵਾਈ ਹੇਠ ਕੱਢਿਆ ਗਿਆ ਫਲੈਗ ਮਾਰਚ

ਮਾਨਸਾ, 24 ਅਗਸਤ ( ਪੱਤਰ ਪਰੇਰਕ) -25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁੱਖੀ ਦੇ ਮਾਮਲੇ ਦੇ ਫੈਸਲੇ ਦੀ ਸੁਣਵਾਈ ਨੂੰ ਲੈ ਕੇ ਡੀ.ਆਈ.ਜੀ. ਬਠਿੰਡਾ ਰੇਂਜ ਸ਼੍ਰੀ ਆਸ਼ੀਸ਼ ਚੌਧਰੀ, ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਦੀ ਅਗਵਾਈ ਹੇਠ ਪੁਲਿਸ ਵਿਭਾਗ, ਪੈਰਾ ਮਿਲਟਰੀ ਫੋਰਸ ਦੇ ਕਰੀਬ 600 ਜਵਾਨਾਂ ਵੱਲੋਂ ਜ਼ਿਲ੍ਹੇ ਅੰਦਰ ਸ਼ਾਂਤੀ ਬਣਾਈ ਰੱਖਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਵਿਚ ਪੁਲਿਸ ਦਾ ਵਿਸ਼ਵਾਸ਼ ਬਣਾਈ ਰੱਖਣ ਦਾ ਸੰਦੇਸ਼ ਦੇਣ ਲਈ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਆਈ.ਜੀ. ਸ਼੍ਰੀ ਆਸ਼ੀਸ਼ ਚੌਧਰੀ ਨੇ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਜ਼ਿਲ੍ਹੇ ਵਿਚ ਕਾਨੂੰਨ ਹੱਥ ਵਿਚ ਲੈਣ ਨਹੀਂ ਦਿੱਤਾ ਜਾਵੇਗਾ ਅਤੇ ਜੋ ਵੀ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਬਲਾਂ ਵੱਲੋਂ ਪੂਰੀ ਮੁਸਤੈਦੀ ਨਾਲ ਨਾਕੇ ਲਗਾਏ ਗਏ ਹਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਨਾ ਕਰ ਸਕੇ।  ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਕਾਇਮ ਰੱਖਣ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਣ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਲ ਮੀਡੀਆ ਰਾਹੀਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ ਅਤੇ ਨਾ ਹੀ ਸ਼ੋਸ਼ਲ ਮੀਡੀਆ ‘ਤੇ ਕਿਸੇ ਵੀ ਕਿਸਮ ਦਾ ਭੜਕਾਊ ਪ੍ਰਚਾਰ ਕਰਨ, ਜਿਸ ਨਾਲ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਖਰਾਬ ਹੋਵੇ। ਐਸ.ਐਸ.ਪੀ. ਮਾਨਸਾ ਸ਼੍ਰੀ ਪਰਮਬੀਰ ਸਿੰਘ ਪਰਮਾਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਵਾਪਰਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ।  ਇਸ ਤੋਂ ਇਲਾਵਾ ਬੁਢਲਾਡਾ ਵਿਖੇ ਵੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਧਰਮ ਪਾਲ ਗੁਪਤਾ, ਐਸ.ਐਸ.ਪੀ. ਸ਼੍ਰੀ ਪਰਮਬੀਰ ਸਿੰਘ ਪਰਮਾਰ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਓਮ ਪ੍ਰਕਾਸ਼ ਅਤੇ ਡੀ.ਐਸ.ਪੀ ਬੁਢਲਾਡਾ ਸ਼੍ਰੀ ਮਨਵਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ, ਜਿਸ ਤਹਿਤ ਲੋਕਾਂ ਨੂੰ ਇਲਾਕੇ ਅੰਦਰ ਸ਼ਾਤੀ ਬਣਾਈ ਰੱਖਣ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਦੀ ਅਪੀਲ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ਼੍ਰੀ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਡੀ.ਐਸ.ਪੀ. ਸ਼ੀ੍ਰ ਕਰਨਵੀਰ ਸਿੰਘ, ਐਸ.ਐਚ.ਓ. ਥਾਣਾ ਸਿਟੀ 1 ਸ਼੍ਰੀ ਹਰਿੰਦਰ ਸਿੰਘ ਸਰਾ, ਐਸ.ਐਚ.ਓ. ਥਾਣਾ ਸਿਟੀ 2 ਸ਼੍ਰੀ ਗੁਰਮੀਤ ਸਿੰਘ, ਐਸ.ਐਚ.ਓ. ਜੋਗਾ ਸ਼੍ਰੀ ਅਜੇ ਕੁਮਾਰ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਨੌਜਵਾਨ ਹਾਜ਼ਰ ਸਨ।