ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਸਭ ਦਾ ਸਾਂਝਾ ਫਰਜ਼-ਰਵਿੰਦਰ ਸਿੰਘ ਰਵੀ ਗਰੇਵਾਲ

ਮੋਗਾ,26 ਅਗਸਤ (ਜਸ਼ਨ)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਵਿਰੁੱਧ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਦਿੱਤੇ  ਫੈਸਲੇ ਉਪਰੰਤ ਪੰਜਾਬ ਅਤੇ ਹਰਿਆਣਾ ਵਿਚ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਐਡਵੋਕਟ ਰਵੀ ਗਰੇਵਾਲ ਨੇ ਆਖਿਆ ਕਿ ਸਮੂਹ ਪੰਜਾਬੀਆਂ ਨੂੰ  ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ’ਚ ਮਦਦ ਦੇਣੀ ਚਾਹੀਦੀ ਹੈ । ਉਹਨਾਂ ਆਖਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਜਾਂਬਾਜ਼ ਫੌਜੀ ਜਰਨੈਲ ਦੀ ਭੂਮਿਕਾ ਅਦਾ ਕਰਦਿਆਂ ਸੂਝ ਬੂਝ ਅਤੇ ਦੂਰਅੰਦੇਸ਼ੀ ਸਦਕਾ ਪੰਜਾਬ ਨੂੰ ਬਲਦੀ ਦੇ ਬੁੱਥੇ ਪੈਣ ਤੋਂ ਬਚਾਅ ਲਿਆ ਹੈ ਅਤੇ ਉਹਨਾਂ ਦੇ ਹੁਕਮਾਂ ’ਤੇ ਸੂਬੇ ਵਿੱਚ ਪੁਲਿਸ ਵੱਲੋਂ ਜ਼ਿਲੇ ਵਿੱਚ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖਤ ਪ੍ਰਬੰਧਾਂ ਸਦਕਾ ਪ੍ਰਸ਼ਾਸ਼ਨ ਕਿਸੇ ਵੀ ਤਰਾਂ ਦੀ ਘਟਨਾ ਜਾਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਮੁਸਤੈਦ ਹੈ ਤਾਂ ਕਿ ਲੋਕਾਂ ਦੀ ਹਿਫ਼ਾਜ਼ਤ ਯਕੀਨੀ ਬਣਾਈ ਜਾ ਸਕੇ।  ਉਹਨਾਂ ਆਖਿਆ ਕਿ ਪੰਜਾਬ ਵਿਚ  ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਰਕਰਾਰ ਰੱਖਣ ਨਾਲ ਜਿੱਥੇ ਸੂਬੇ ਵਿਚ ਵਿਕਾਸ ਦੀ ਰਫਤਾਰ ਨੂੰ ਨਿਰੰਤਰ ਅੱਗੇ ਵਧਾਇਆ ਜਾ ਸਕੇਗਾ ਉੱਥੇ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਸਦਕਾ ਸਮਾਜ ਵਿਰੋਧੀ ਅਨਸਰਾਂ ਨੂੰ ਅਮਨ ਤੇ ਸ਼ਾਂਤੀ ਨੂੰ ਭੰਗ ਕਰਨ ਦਾ ਮੌਕਾ ਨਹੀਂ ਮਿਲੇਗਾ। । ਉਨਾਂ ਇਹ ਅਪੀਲ ਵੀ ਕੀਤੀ ਕਿ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਭੜਕਾਊ ਵੀ.ਡੀ.ਓ. ਜਾਂ ਕੋਈ ਹੋਰ ਪੋਸਟ ਨਾ ਪਾਵੇ ਅਤੇ ਨਾ ਹੀ  ਅੱਗੇ ਕਿਸੇ ਹੋਰ ਗਰੁੱਪ ਵਿੱਚ ਭੇਜੇ ਤਾਂ ਕਿ ਕਿਸੇ ਦੇ ਜਜ਼ਬਾਤਾਂ ਨੂੰ ਠੇਸ ਨਾ ਪਹੁੰਚੇ।