ਕਿਸਾਨਾਂ ਦੀਆ ਖੁਦਕਸ਼ੀਆਂ ’ਚ ਹੋ ਰਿਹਾ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ-ਵਿਧਾਇਕ ਮਨਜੀਤ ਬਿਲਾਸਪੁਰ
ਨਿਹਾਲ ਸਿੰਘ ਵਾਲਾ,11 ਸਤੰਬਰ (ਜਸ਼ਨ)-ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਮਜ਼ਦੂਰਾਂ ਦੀ ਭਲਾਈ ਲਈ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਜਾ ਰਹੀ, ਸਗੋਂ ਸੂਬੇ ਵਿਚ ਕਿਸਾਨਾਂ ਦੀਆਂ ਖੁਦਕਸ਼ੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਬਿਲਾਸਪੁਰ ਨੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਕਿਸਾਨ ਸੰਮੇਲਨ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ 20 ਸਤੰਬਰ ਨੂੰ ਕੋਟਕਪੂਰਾ ਵਿਖੇ ਪੰਜਾਬ ਪੱਧਰੀ ਕਿਸਾਨ ਸੰਮੇਲਨ ਕਰਵਾਇਆ ਜਾ ਰਿਹਾ ਹੈ,ਜਿਸ ਵਿਚ ਕਿਸਾਨਾਂ ਅਤੇ ਮਜਦੂਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਇਸ ਸੂਬਾ ਪੱਧਰੀ ਸੰਮੇਲਨ ਵਿਚ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ। ਮਨਜੀਤ ਬਿਲਾਸਪੁਰੀ ਨੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਜਿੱਥੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉੱਥੇ ਉਹਨਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇਣ ਦੇ ਉੱਦਮ ਵੀ ਕੀਤੇ ਜਾ ਰਹੇ ਹਨ ।