ਸੁਖਬਿੰਦਰ ਸਿੰਘ ਸਰਕਾਰੀਆ ਤੇ ਆਧਾਰਿਤ ਕਮੇਟੀ ਨੇ ਜ਼ਿਲ੍ਹੇ ’ਚ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਦੇ ਕਾਰਣਾਂ ਬਾਰੇ ਕੀਤੀ ਜਾਂਚ
ਮੋਗਾ 14 ਸਤੰਬਰ (ਜਸ਼ਨ)- ਡਿਪਟੀ ਕਮਿਸ਼ਨਰ ਮੋਗਾ ਸ੍ਰ. ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਖੁਦਕਸ਼ੀਆਂ ਅਤੇ ਖੇਤ ਮਜਦੂਰਾਂ ਦੇ ਕਰਜ਼ਿਆਂ ਕਾਰਣ ਅਤੇ ਆਰਥਿਕ ਤੰਗੀ ਦੇ ਕਾਰਣਾਂ ਨੂੰ ਜਾਂਚਣ ਤੇ ਸੁਝਾਅ ਦੇਣ ਲਈ ਸ੍ਰ. ਸੁਖਬਿੰਦਰ ਸਿੰਘ ਸਰਕਾਰੀਆ ਤੇ ਆਧਾਰਿਤ ਗਠਿਤ ਕਮੇਟੀ ਵੱਲੋਂ ਦੋ ਰੋਜ਼ਾ ਦੌਰੇ ਦੌਰਾਨ ਕਿਸਾਨ ਖੁਦਕੁਸ਼ੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਨੱਥੂ ਰਾਮ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਕਮੇਟੀ ਦੇ ਨੋਡਲ ਅਫਸਰ ਸ੍ਰੀ ਰਾਹੁਲ ਗੁਪਤਾ ਪੀ.ਸੀ.ਐਸ. ਵੀ ਹਾਜਰ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਮੇਟੀ ਵੱਲੋਂ ਪਿੰਡ ਧੱਲੇਕੇ , ਮਹਿਣਾ, ਬੱਧਨੀਂ ਖੁਰਦ ਦੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਇੱਕ-ਇੱਕ ਪਰਿਵਾਰ ਅਤੇ ਪਿੰਡ ਕੋਟਲਾ ਮੇਹਰ ਸਿੰਘ ਦੇ ਦੋ ਪਰਿਵਾਰਾਂ ਨਾਲ ਮਿਲ ਕੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਆਤਮ ਹੱਤਿਆ ਦੇ ਕਾਰਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਪੀੜਤ ਪਰਿਵਾਰਾਂ ਅਤੇ ਮੌਕੇ ਤੇ ਇਕੱਤਰ ਲੋਕਾਂ ਕੋਲੋਂ ਇਸ ਸਬੰਧੀ ਸੁਝਾਅ ਵੀ ਮੰਗੇ। ਉਨਾਂ ਦੱਸਿਆ ਕਿ ਕਮੇਟੀ ਵੱਲੋਂ ਇਹ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਵੇਗੀ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।